ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਸਤੰਬਰ
ਪੰਜਾਬ ਨਾਲ ਸਬੰਧਤ ਕਿਸਾਨ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਕੁੱਝ ਮੰਗਾਂ ਬਾਰੇ ਸਰਕਾਰ ਨਾਲ ਸਹਿਮਤੀ ਬਣਨ ਅਤੇ ਅੱਜ ਪੁਲੀਸ ਦੇ ਆਈਜੀ ਤੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਮੰਚ ’ਤੇ ਆ ਕੇ ਕੀਤੇ ਐਲਾਨ ਬਾਅਦ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੱਲ੍ਹ ਚੰਡੀਗੜ੍ਹ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਖੇਤੀਬਾੜੀ ਮੰਤਰੀ ਅਤੇ ਸੰਸਦ ਮੈਂਬਰ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ। ਜਿਸ ਵਿੱਚ ਕੁੱਝ ਕਿਸਾਨ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਸਹਿਮਤੀ ਬਣੀ ਸੀ। ਅੱਜ ਇਸ ਸਬੰਧ ਵਿੱਚ ਜਥੇਬੰਦੀ ਵਲੋਂ ਪਹਿਲਾਂ ਸੂਬਾ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਮੌਜੂਦਾ ਸਥਿਤੀ ਬਾਰੇ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ, ਸਰਵਣ ਸਿੰਘ ਪੰਧੇਰ, ਜਸਬੀਰ ਸਿੰਘ, ਗੁਰਬਚਨ ਸਿੰਘ ਚੱਬਾ, ਹਰਪ੍ਰੀਤ ਸਿੰਘ ਸਿੱਧਵਾਂ, ਗੁਰਲਾਲ ਸਿੰਘ ਪੰਡੋਰੀ, ਰਣਜੀਤ ਸਿੰਘ, ਸਤਨਾਮ ਸਿੰਘ ਮਾਨੋਚਾਹਲ ਤੇ ਹੋਰ ਕਿਸਾਨ ਆਗੂ ਸ਼ਾਮਲ ਹੋਏ। ਉਪਰੰਤ ਉਨ੍ਹਾਂ ਪੰਜਾਬ ਪੁਲੀਸ ਦੇ ਬਾਰਡਰ ਰੇਂਜ ਦੇ ਆਈਜੀ ਨਾਲ ਵੀ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਪੁਲੀਸ ਦੇ ਉਚ ਅਧਿਕਾਰੀ ਨੇ ਉਪ ਮੁੱਖ ਮੰਤਰੀ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਅਤੇ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਬਾਰੇ ਤਰੀਕ ਤੈਅ ਕੀਤੀ ਹੈ।
ਇਸ ਦਾ ਐਲਾਨ ਧਰਨਾ ਦੇ ਰਹੇ ਕਿਸਾਨਾਂ ਦੇ ਮੰਚ ’ਤੇ ਆ ਕੇ ਵੀ ਕੀਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਸਰਕਾਰ ਵਲੋਂ ਵਿਸ਼ਵਾਸ ਦਿਵਾਇਆ ਹੈ ਕਿ ਸਰਕਾਰ ਨੂੰ 20 ਦਿਨ ਦਾ ਸਮਾਂ ਦਿੱਤਾ ਜਾਵੇ ਅਤੇ ਇਸ ਸਮੇਂ ਦੌਰਾਨ ਮਸਲੇ ਹੱਲ ਕੀਤੇ ਜਾਣਗੇ।
ਗੁਰਦਾਸਪੁਰ(ਜਤਿੰਦਰ ਬੈਂਸ): ਕਿਰਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਚੱਲ ਰਿਹਾ ਧਰਨਾ ਅੱਜ ਤੀਸਰੇ ਦਿਨ ਵੀ ਜਾਰੀ ਰਿਹਾ। ਹਾਲਾਂਕਿ ਉਪ ਮੁੱਖ ਮੰਤਰੀ ਨਾਲ ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਰੇਲਵੇ ਟਰੈਕ ਜਾਮ ਕਰਨ ਦਾ ਪ੍ਰੋਗਰਾਮ ਫਿਲਹਾਲ ਹੁਣ 20 ਅਕਤੂਬਰ ਤੱਕ ਟਾਲ ਦਿੱਤਾ ਗਿਆ ਹੈ। ਧਰਨੇ ਵਿੱਚ ਅੱਜ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਅਤੇ ਐੱਸਐੱਸਪੀ ਨਾਨਕ ਸਿੰਘ ਨੇੇ ਪੁੱਜ ਕੇ ਕਿਸਾਨਾਂ ਦੀ ਸਾਰ ਲਈ ਅਤੇ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਲਏ ਫੈਸਲਿਆਂ ਤੋਂ ਜਾਣੂ ਕਰਵਾਇਆ
ਤਰਨ ਤਾਰਨ (ਗੁਰਬਖਸ਼ਪੁਰੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਲਗਾਏ ਤਿੰਨ-ਰੋਜ਼ਾ ਪੱਕਾ ਮੋਰਚਾ ਦੇ ਆਖ਼ਰੀ ਦਿਨ ਵੀਰਵਾਰ ਨੂੰ ਅਧਿਕਾਰੀਆਂ ਵਲੋਂ ਜਥੇਬੰਦੀ ਦੀਆਂ ਮੰਗਾਂ ਮੰਨੇ ਜਾਣ ਦਾ ਯਕੀਨ ਦੇਣ ’ਤੇ ਮੋਰਚਾ ਉਠਾ ਲਿਆ ਗਿਆ| ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਿਸਾਨਾਂ ਦੇ ਧਰਨੇ ਵਾਲੇ ਥਾਂ ’ਤੇ ਜਾ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਜਤ ਉਬਰਾਏ ਅਤੇ ਐੱਸਪੀ (ਟਰੈਫਿਕ) ਬਲਜੀਤ ਸਿੰਘ ਢਿੱਲੋਂ ਨੇ ਵਿਸ਼ਵਾਸ਼ ਦਿੱਤਾ| ਹੁਸ਼ਿਆਰਪੁਰ(ਹਰਪ੍ਰੀਤ ਕੌਰ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਤਿੰਨ ਦਿਨ ਤੋਂ ਚੱਲ ਰਿਹਾ ਧਰਨਾ ਅੱਜ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਦਿੱਤੇ ਭਰੋਸੇ ਤੋਂ ਬਾਅਦ ਚੁੱਕ ਲਿਆ ਗਿਆ।
ਜਲੰਧਰ ਵਿੱਚ ਕਿਸਾਨਾਂ ਨੇ ਧਰਨਾ ਸਮੇਟਿਆ
ਜਲੰਧਰ(ਪਾਲ ਸਿੰਘ ਨੌਲੀ):ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਈ ਮੀਟਿੰਗ ਵਿਚ ਮਸਲਿਆਂ ਦਾ ਹੱਲ ਕਰਨ ਲਈ ਦਿੱਤੇ ਭਰੋਸੇ ਤੋਂ ਬਾਅਦ ਰੇਲਵੇ ਲਾਈਨਾਂ ’ਤੇ ਲਾਇਆ ਜਾਣ ਵਾਲਾ ਧਰਨਾ 20 ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਉਧਰ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਡੀਸੀ ਦਫਤਰ ਅੱਗੇ ਲੱਗਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਜਥੇਬੰਦੀ ਦੇ ਸੂਬਾ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਨੇ 20 ਦਿਨਾਂ ਵਿੱਚ ਮਸਲਿਆਂ ਦਾ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ ਅਤੇ ਡੀਸੀ ਜਲੰਧਰ ਵੱਲੋਂ 6 ਅਕਤੂਬਰ ਨੂੰ ਸਵੇਰੇ ਮੀਟਿੰਗ ਤੈਅ ਕੀਤੀ ਗਈ ਹੈ।