ਗਰਬਖਸ਼ਪੁਰੀ
ਤਰਨ ਤਾਰਨ, 26 ਮਈ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਠੇਕੇ ਦੇ ਆਧਾਰਤ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਏ ਜਾਣ ਸਮੇਤ ਹੋਰਨਾਂ ਮੰਗਾਂ ਸਬੰਧੀ ਸ਼ਹਿਰ ਵਿੱਚ ਇਕ ਰੋਸ ਮਾਰਚ ਕਰਕੇ ਸੂਬਾ ਸਰਕਾਰ ਦੀ ਅਰਥੀ ਸਾੜੀ ਗਈ| ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਜ਼ਿਲ੍ਹਾ ਭਰ ਦੇ ਮੁਲਾਜ਼ਮਾਂ ਵਲੋਂ ਜਥੇਬੰਦੀ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਬਾਠ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦਬੁਰਜੀ ਦੀ ਅਗਵਾਈ ਵਿੱਚ ਮੁਲਾਜਮਾਂ ਨੇ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਇਕ ਰੈਲੀ ਕੀਤੀ| ਮੁਲਾਜ਼ਮਾਂ ਨੇ ਸ਼ਹਿਰ ਵਿੱਚ ਮਾਰਚ ਕਰਕੇ ਸਰਕਾਰ ਖ਼ਿਲਾਫ਼ ਭੜਾਸ ਕੱਢੀ| ਇਸ ਮੌਕੇ ਜਥੇਬੰਦੀ ਦੇ ਆਗੂ ਕੁਲਦੀਪ ਸਿੰਘ ਵਿਰਕ, ਨਵਿੰਦਰ ਸਿੰਘ ਅਮਰਕੋਟ, ਦਿਲਬਾਗ ਸਿੰਘ ਕੰਗ ਸਮੇਤ ਹੋਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਭਾਗ ਅੰਦਰ ਪਿਛਲੇ ਕਰੀਬ 15 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕੋਈ ਨੀਤੀ ਤਿਆਰ ਨਹੀਂ ਕੀਤੀ ਗਈ| ਆਗੂਆਂ ਹੋਰਨਾਂ ਮੰਗਾਂ ਤੋਂ ਇਲਾਵਾ ਬਰਾਬਰ ਕੰਮ ਲਈ ਬਰਾਬਰ ਤਨਖਾਹ, ਵਿਭਾਗ ਅਧੀਨ ਚੱਲ ਰਹੀਆਂ ਜਲ ਸਪਲਾਈ ਸਕੀਮਾਂ ਦਾ ਜਬਰੀ ਨਿੱਜੀਕਰਨ/ਪੰਚਾਇਤੀਕਰਨ ਕਰਨਾ ਬੰਦ ਕੀਤੇ ਜਾਣ, ਪੰਚਾਇਤਾਂ ਨੂੰ ਦਿੱਤੀਆਂ ਜਲ ਸਪਲਾਈ ਸਕੀਮਾਂ ਨੂੰ ਮੁੜ ਵਿਭਾਗ ਅਧੀਨ ਲਿਆਂਦੇ ਜਾਣ ਦੀ ਮੰਗ ਕਰ ਰਹੇ ਹਨ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਵਲੋਂ ਜਥੇਬੰਦੀ ਨੂੰ ਮੰਗਾਂ ਬਾਰੇ ਵਿਚਾਰਾਂ ਕਰਨ ਲਈ ਦਿੱਤੇ ਸਮੇਂ ’ਤੇ ਮੀਟਿੰਗ ਨਾ ਕਰਨ ਦੀ ਨਿਖੇਧੀ ਕੀਤੀ|
ਕੱਚੇ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
ਪਠਾਨਕੋਟ (ਪੱਤਰ ਪ੍ਰੇਰਕ): ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਰਘਬੀਰ ਲਾਲ ਅਤੇ ਬਰਾਂਚ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਵਿੱਚ ਮਲਿਕਪੁਰ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ 10 ਮਈ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਦੇ ਬਾਅਦ ਯੂਨੀਅਨ ਨੂੰ 24 ਮਈ ਨੂੰ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਵਿੱਚ ਮਿਲਣ ਦਾ ਸਮਾਂ ਦਿੱਤਾ ਗਿਆ ਪਰ ਸਮਾਂ ਦੇ ਕੇ ਯੂਨੀਅਨ ਆਗੂਆਂ ਨਾਲ ਮੁਲਾਕਾਤ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।