ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਅਕਤੂਬਰ
ਕਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਜ਼ਿਲ੍ਹੇ ਵਿਚ 47 ਹੋਰ ਕੇਸ ਆਏ ਹਨ ਅਤੇ ਇਸ ਦੌਰਾਨ ਇਕ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 75 ਸਾਲਾ ਸੁਰਿੰਦਰ ਸਿੰਘ ਵਾਸੀ ਫੇਅਰਲੈਂਡ ਕਲੋਨੀ ਦੀ ਮੌਤ ਹੋਈ ਹੈ। ਅੱਜ 47 ਹੋਰ ਨਵੇਂ ਕੇਸ ਆਉਣ ਨਾਲ ਜ਼ਿਲ੍ਹੇ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 11824 ਹੋ ਗਈ ਹੈ, ਜਿਸ ਵਿਚੋਂ 11047 ਮਰੀਜ਼ ਠੀਕ ਹੋ ਚੁੱਕੇ ਹਨ।
ਗੁਰਦਾਸਪੁਰ (ਪੱਤਰ ਪੇ੍ਰਕ): ਜ਼ਿਲ੍ਹਾ ਗੁਰਦਾਸਪੁਰ ‘ਚ ਅੱਜ ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 163106 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਗਈ, ਜਿਸ ਵਿਚੋਂ 155608 ਦੀ ਰਿਪੋਰਟ ਨੈਗਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੁੱਲ 198 ਮੌਤਾਂ ਹੋ ਚੁੱਕੀਆਂ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਕਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾਉਣ।
ਹੁਸ਼ਿਆਰਪੁਰ (ਪੱਤਰ ਪੇ੍ਰਕ): ਹੁਸ਼ਿਆਰਪੁਰ ’ਚ ਅੱਜ 32 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦੋਂਕਿ 2 ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਜਸਬੀਰ ਸਿਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6136 ਹੋ ਗਈ ਹੈ, 210 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 240 ਕੇਸ ਐਕਟਿਵ ਹਨ ਜਦੋਂਕਿ 5686 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।
ਜਲੰਧਰ (ਨਿੱਜੀ ਪੱਤਰ ਪੋ੍ਰਕ): ਕਰੋਨਾ ਕਾਰਨ ਅੱਜ ਇਕ ਮਰੀਜ਼ ਦੀ ਮੌਤ ਹੋ ਗਈ ਜਦਕਿ 76 ਹੋਰ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਨਾਲ ਇਕ ਹੋਰ ਮਰੀਜ਼ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ’ਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 467 ਤੱਕ ਪੁੱਜ ਗਈ ਅਤੇ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 14977 ਹੋ ਗਿਆ ਹੈ।