ਪੱਤਰ ਪੇ੍ਰਰਕ
ਗੁਰਦਾਸਪੁਰ, 5 ਸਤੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵੱਲੋਂ ਕਾਮਰੇਡ ਰਘੁਬੀਰ ਸਿੰਘ ਪਕੀਵਾ ਦੀ ਪ੍ਰਧਾਨਗੀ ਹੇਠ ਪਿੰਡ ਬਿਸ਼ਨਕੋਟ ਵਿੱਚ ਜਥੇਬੰਦਕ ਕਾਨਫਰੰਸ ਕਰਵਾਈ ਗਈ।
ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਸੰਬੋਧਨ ਕਰਦੇ ਕਿਹਾ ਕਿ ਦੇਸ਼ ਦੀ ਮੌਜੂਦਾ ਆਰਥਿਕ ਅਤੇ ਰਾਜਨੀਤਿਕ ਨਿਘਰਦੀ ਸਥਿਤੀ ਲਈ ਭਾਜਪਾ ਅਤੇ ਆਰਐੱਸਐੱਸ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਫਿਰਕਿਆਂ ਉੱਤੇ ਲਗਾਤਾਰ ਹਮਲੇ ਹੋ ਰਹੇ ਹਨ। ਲੋਕਾਂ ਨੂੰ ਧਰਮ ਅਤੇ ਜਾਤਪਾਤ ਦੇ ਆਧਾਰ ਉੱਤੇ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਮੋਦੀ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਖੱਬੀਆਂ ਧਿਰਾਂ ਦੀ ਏਕਤਾ ਲਈ ਹਰ ਸੰਭਵ ਯਤਨ ਕਰੇਗੀ। ਜ਼ਿਲ੍ਹਾ ਸਕੱਤਰ ਕਾਮਰੇਡ ਨੱਥਾ ਸਿੰਘ ਢਡਵਾਲ ਨੇ ਰਿਪੋਰਟ ਪੇਸ਼ ਕੀਤੀ, ਜੋ ਡੈਲੀਗੇਟ ਸਾਥੀਆਂ ਦੇ ਉਸਾਰੂ ਸੁਝਾਵਾਂ ਨਾਲ ਪਾਸ ਕਰਨ ਉਪਰੰਤ 25 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।