ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 12 ਮਾਰਚ
ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਆਗਾਜ਼ ਅੱਜ ਸਾਈਕਲ ਰੈਲੀ ਰਾਹੀਂ ਕੀਤਾ ਗਿਆ। ਇਹ ਸਾਈਕਲ ਰੈਲੀ ਜੱਲ੍ਹਿਆਂਵਾਲਾ ਬਾਗ ਤੋਂ ਸ਼ੁਰੂ ਹੋ ਕੇ ਕੰਪਨੀ ਬਾਗ ਵਿਖੇ ਸਮਾਪਤ ਹੋਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸ੍ਰੀ ਖਹਿਰਾ ਨੇ ਕਿਹਾ ਕਿ ਇਹ ਅੱਜ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਏ ਆਜ਼ਾਦੀ ਮਹਾਂਉਤਸਵ ਦਾ ਹਿੱਸਾ ਹੈ, ਜੋ ਸਾਰਾ ਸਾਲ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤਹਿਤ ਆਜ਼ਾਦੀ ਪਰਵਾਨਿਆਂ ਦੀ ਯਾਦ ਵਿੱਚ ਕਾਨਫਰੰਸਾਂ, ਕਵੀ ਸੰਮੇਲਨ, ਖੂਨਦਾਨ ਕੈਂਪ ਆਦਿ ਸਾਰਾ ਸਾਲ ਕਰਵਾਏ ਜਾਣਗੇ। ਉਨ੍ਹਾਂ ਇਸ ਮੌਕੇ ਹਾਜ਼ਰ ਪਤਵੰਤਿਆਂ ਅਤੇ ਸਾਈਕਲਿਸਟਾਂ ਨੂੰ ਦੇਸ਼ ਦੇ ਨਿਰਮਾਣ ਵਿੱਚ ਹਿੱਸਾ ਲੈਣ ਅਤੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਨੂੰ ਅਗਲੀਆਂ ਪੀੜ੍ਹੀਆਂ ਤਕ ਲਿਜਾਣ ਦੀ ਸਹੁੰ ਵੀ ਚੁਕਾਈ। ਡਿਪਟੀ ਕਮਿਸ਼ਨਰ ਨੇ ਸਾਈਕਲ ਰੈਲੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਵੀ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਹਾਉਤਸਵ ਦਾ ਆਗਾਜ਼ ਕਰਨ ਲਈ ਆਜ਼ਾਦੀ ਸੰਘਰਸ਼ ਨਾਲ ਸਬੰਧਤ ਪੰਜਾਬ ਦੀਆਂ ਚਾਰ ਇਤਿਹਾਸਕ ਥਾਵਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿਚ ਜਲ੍ਹਿਆਂਵਾਲਾ ਬਾਗ ਜ਼ਿਲਾ ਨੂੰ ਵੀ ਸ਼ਾਮਲ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਐਸ.ਡੀ.ਐਮ. ਅਨਾਇਤ ਗੁਪਤਾ, ਸਹਾਇਕ ਕਮਿਸ਼ਨਰ ਅਲਕਾ ਕਾਲੀਆ ਤੇ ਹੋਰ ਹਾਜ਼ਰ ਸਨ।
ਖਟਕੜ ਕਲਾਂ ਤੱਕ ਕੱਢੀ ਗਈ ਵਿਸ਼ਾਲ ਸਾਈਕਲ ਰੈਲੀ
ਬੰਗਾ (ਸੁਰਜੀਤ ਮਜਾਰੀ): ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਆਗਾਜ਼ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਵਿਸ਼ਾਲ ਸਾਈਕਲ ਰੈਲੀ ਰਾਹੀਂ ਕੀਤਾ ਗਿਆ। ਨਵਾਂਸ਼ਹਿਰ ਤੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ੍ਹ ਕਲਾਂ ਤੱਕ ਕੱਢੀ ਗਈ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਸਰਕਾਰੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਝੰਡੀ ਦੇ ਕੇ ਰਵਾਨਾ ਕੀਤਾ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਰੈਲੀ ਵਿਚ ਸ਼ਾਮਲ ਸਮੂਹ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਦੌਰਾਨ ਸਭਨਾਂ ਨੇ ਸ਼ਹੀਦ-ਏ-ਆਜ਼ਮ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਸਾਈਕਲ ਰੈਲੀ ਦੇ ਭਾਗੀਦਾਰਾਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅਗਲੇ 75 ਹਫ਼ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।