Danny Bandala Alleges Misuse of Vigilance Agency: ਵਿਜੀਲੈਂਸ ਜਾਂਚ ਰਾਹੀਂ ਵਿਰੋਧੀਆਂ ਨੂੰ ਨਾ ਡਰਾਇਆ ਜਾਵੇ: ਡੈਨੀ
ਪ੍ਰੈੱਸ ਕਾਨਫਰੰਸ ਕਰ ਕੇ ਕੇਂਦਰੀ ਏਜੰਸੀਆਂ ਦੀ ਗ਼ਲਤ ਵਰਤੋਂ ਦਾ ਦੋਸ਼ ਲਾਇਆ
ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵਿਰੋਧੀ ਆਗੂਆਂ ਤੇ ਵਰਕਰਾਂ ਨੂੰ ਦਬਾਉਣ ਲਈ ਸਰਕਾਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਪਿੰਡ ਸਰਜਾ ਦੇ ਸਰਪੰਚ ਮਲਕੀਤ ਸਿੰਘ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਡੈਨੀ ਬੰਡਾਲਾ ਨੇ ਕਿਹਾ ਜੇਕਰ ਕੇਂਦਰ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ’ਤੇ ਸਵਾਲ ਚੁੱਕੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਨੂੰ ਵੀ ਦੱਸਣਾ ਚਾਹੀਦਾ ਹੈ ਕਿ ਚੋਣਾਂ ਤੋਂ ਠੀਕ ਪਹਿਲਾਂ ਵਿਜੀਲੈਂਸ ਦੀ ਕਾਰਵਾਈ ਕਿਉਂ ਯਾਦ ਆਈ? ਉਨ੍ਹਾਂ ਕਿਹਾ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਜੇਕਰ ਕੋਈ ਮਾਮਲਾ ਸੀ ਤਾਂ ਇਸ ’ਤੇ ਪਹਿਲਾਂ ਕਾਰਵਾਈ ਕਿਉਂ ਨਹੀਂ ਕੀਤੀ ਗਈ? ਉਨ੍ਹਾਂ ਦੋਸ਼ ਲਾਇਆ ਕਿ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪਿੰਡ ਸਰਜਾ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਪੰਚਾਇਤ ਦੇ ਚਾਰ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ , ਜਿਨ੍ਹਾਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ ਤੇ ਬਾਅਦ ਵਿੱਚ ਸਰਪੰਚ ਵੱਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਚਾਰੇ ਮੈਂਬਰ ਬਹਾਲ ਹੋ ਗਏ।
ਡੈਨੀ ਬੰਡਾਲਾ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਨਸ਼ੇ, ਅਪਰਾਧ ਅਤੇ ਭ੍ਰਿਸ਼ਟਾਚਾਰ ਦੀ ਸਥਿਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਪਿਛਲੇ ਕੁਝ ਦਿਨਾਂ ਦੌਰਾਨ ਇਲਾਕੇ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਦੀਆਂ ਘਟਨਾਵਾਂ ਨੇ ਕਾਨੂੰਨ-ਵਿਵਸਥਾ ਅਤੇ ਨਸ਼ੇ ਦੇ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਮੌਕੇ ਮਲਕੀਤ ਸਿੰਘ ਸਰਜਾ ਸਾਬਕਾ ਸਰਪੰਚ, ਮਨਜਿੰਦੁ ਸਰਜਾ, ਰਣਜੀਤ ਸਿੰਘ, ਰਾਣਾ ਜੰਡ, ਪਰਮਿੰਦਰ ਸਿੰਘ ਜੋਸਨ, ਰਾਜਪਾਲ ਸਿੰਘ ਗੁਰਪਾਲ ਸਿੰਘ ਆਦਿ ਮੌਜੂਦ ਸਨ।

