ਪੱਤਰ ਪ੍ਰੇਰਕ
ਤਰਨ ਤਾਰਨ, 13 ਦਸੰਬਰ
ਮਾਲਵਾ ਦੇ ਵੱਖ-ਵੱਖ ਪਿੰਡਾਂ ਤੋਂ ਇਲਾਕੇ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਆਈ ਇਕ 65 ਸਾਲ ਦੀ ਸ਼ਰਧਾਲੂ ਔਰਤ ਦੇ ਦਿਲ ਦੀ ਧੜਕਨ ਬੰਦ ਹੋਣ ਕਾਰਨ ਉਸ ਦੀ ਮੌਤ ਹੋ ਗਈ| ਮ੍ਰਿਤਕਾ ਦੀ ਸ਼ਨਾਖ਼ਤ ਪਰਮਜੀਤ ਕੌਰ ਵਾਸੀ ਨੱਥੋਵਾਲ (ਲੁਧਿਆਣਾ) ਵਜੋਂ ਹੋਈ ਹੈ| ਬੱਸ ’ਤੇ ਆਏ ਸ਼ਰਧਾਲੂ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਾਲੇ ਗੇਟ ਤੋਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪ੍ਰਵੇਸ਼ ਕਰ ਰਹੇ ਸਨ ਕਿ ਪਰਮਜੀਤ ਕੌਰ ਨੇ ਅਚਾਨਕ ਛਾਤੀ ਵਿੱਚ ਦਰਦ ਮਹਿਸੂਸ ਕੀਤਾ ਤਾਂ ਉਸ ਨੂੰ ਇੱਥੋਂ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ| ਸ਼ਰਧਾਲੂ ਬਲਵਿੰਦਰ ਸਿੰਘ ਨੇ ਕਿਹਾ ਕਿ ਪਰਮਜੀਤ ਕੌਰ ਨੇ ਰਸਤੇ ’ਚ ਕਿਸੇ ਤਰ੍ਹਾਂ ਦੀ ਤਕਲੀਫ਼ ਦੀ ਕੋਈ ਸ਼ਿਕਾਇਤ ਨਹੀਂ ਸੀ ਕੀਤੀ|