ਪਾਲ ਸਿੰਘ ਨੌਲੀ
ਜਲੰਧਰ, 19 ਅਕਤੂਬਰ
ਇਥੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ। ਇਥੋਂ ਦੇ ਅਲੀ ਮੁਹੱਲਾ ਵਿਚਲੇ ਭਗਵਾਨ ਵਾਲਮੀਕਿ ਮੰਦਰ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੋ ਕੇ ਲੰਘੀ। ਸ਼ੋਭਾ ਯਾਤਰਾ ਦਾ ਸ਼ਹਿਰ ਵਿਚ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ। ਸ਼ੋਭਾ ਯਾਤਰਾ ਵਿਚ ਹਾਜ਼ਰੀ ਭਰਨ ਲਈ ਰਾਜਨੀਤਕ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਸਪਾ, ਭਾਜਪਾ, ਆਮ ਆਦਮੀ ਪਾਰਟੀ ਸਮੇਤ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਪ ਮੁੱਖ ਮੰਤਰੀ ਓਪੀ ਸੋਨੀ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਪ ਮੁੱਖ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਨੇ ਪਵਿੱਤਰ ‘ਰਮਾਇਣ’ ਦੀ ਰਚਨਾ ਕਰਕੇ ਬਦੀ ਉਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਵੱਲੋਂ ਸਦੀਆਂ ਪਹਿਲਾਂ ਰਚਿਤ ਮਹਾਂਕਾਵਿ ਵਿੱਚ ਆਦਰਸ਼ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੱਤੀ ਗਈ ਹੈ।
ਫਗਵਾੜਾ (ਜਸਬੀਰ ਸਿੰਘ ਚਾਨਾ): ਭਗਵਾਨ ਸ੍ਰੀ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਵਿਸ਼ਾਲ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ ਬਾਂਸਾ ਬਾਜ਼ਾਰ ਤੋਂ ਕੀਤਾ ਗਿਆ। ਸ਼ੋਭਾ ਯਾਤਰਾ ਦਾ ਰਸਮੀ ਉਦਘਾਟਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਰਬਿਨ ਕੱਟ ਕੇ ਕੀਤਾ। ਇਹ ਸ਼ੋਭਾ ਯਾਤਰਾ ਬਾਂਸਾ ਬਾਜ਼ਾਰ, ਗਊਸ਼ਾਲਾ ਰੋਡ, ਸਿਨੇਮਾ ਰੋਡ, ਜੀ.ਟੀ.ਰੋਡ, ਸੈਂਟਰਲ ਟਾਊਨ, ਗੁੜ ਮੰਡੀ ਚੌਕ, ਬੰਗਾ ਰੋਡ ਹੁੰਦੀ ਹੋਈ ਵਾਪਸ ਭਗਵਾਨ ਸ੍ਰੀ ਵਾਲਮੀਕਿ ਮੰਦਰ ਬੰਗਾ ਰੋਡ ਵਿਖੇ ਸਮਾਪਤ ਹੋਈ। ਸ਼ੋਭਾ ਯਾਤਰਾ ’ਚ ਭਗਵਾਨ ਵਾਲਮੀਕਿ ਦੀ ਜੀਵਨੀ ਨਾਲ ਸਬੰਧਤ ਝਾਕੀਆਂ ਸ਼ਾਮਲ ਸਨ। ਸੰਗਤ ਵੱਲੋਂ ਥਾਂ-ਥਾਂ ਸ਼ੋਭਾ ਯਾਤਰਾ ਦੇ ਸੁਆਗਤ ਲਈ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਵਿਸ਼ੇਸ਼ ਝਾਕੀਆਂ ਲੋਕਾਂ ਦੀ ਖਿੱਚ ਦਾ ਕੇਂਦਰ ਰਹੀਆ। ਇਸ ਮੌਕੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਗੜ੍ਹੀ, ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਨਾ, ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬਲਬੀਰ ਰਾਣੀ ਸੋਢੀ, ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼, ਮਾਰਕੀਟ ਕਮੇਟੀ ਚੇਅਰਮੈਨ ਨਰੇਸ਼ ਭਾਰਦਵਾਜ, ਜਗਜੀਵਨ ਖਲਵਾੜਾ, ਦਰਸ਼ਨ ਲਾਲ ਧਰਮਸ਼ੋਤ, ਸੰਜੀਵ ਬੁੱਗਾ, ਧਰਮਵੀਰ ਸੇਠੀ, ਪਵਨ ਸੇਠੀ, ਸਤੀਸ਼ ਸਲਹੋਤਰਾ, ਮੀਨਾਕਸ਼ੀ ਵਰਮਾ, ਸ਼ਿਵੰਦਰ ਨਿਸ਼ਚਲ, ਤਜਿੰਦਰ ਬਾਵਾ, ਰਾਜਪਾਲ ਘਈ, ਰੋਸ਼ਨ ਲਾਲ ਸੇਠੀ, ਅਸ਼ਵਨੀ ਸ਼ਰਮਾ ਤੇ ਹੋਰ ਮੌਜੂਦ ਸਨ।
ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਕੇਂਦਰੀ ਵਾਲਮੀਕਿ ਮੰਦਰ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੁੱਖ ਵਜੋਂ ਸ਼ਾਮਲ ਹੋਏ।
ਡਾ. ਵੇਰਕਾ ਅਤੇ ਔਜਲਾ ਨੇ ਸਾਰੇ ਦੇਸ਼ ਵਾਸੀਆਂ ਨੂੰ ਭਗਵਾਨ ਵਾਲਮੀਕਿ ਦੀ ਪ੍ਰਗਟ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੇਂਦਰੀ ਵਾਲਮੀਕਿ ਮੰਦਰ ਦੇ ਚੇਅਰਮੈਨ ਵਿਮਲ ਕੁਮਾਰ, ਪ੍ਰਧਾਨ ਯੋਗਰਾਜ, ਬਲਬੀਰ ਸਿੰਘ ਬੱਬੀ ਪਹਿਲਵਾਨ, ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਉਪ ਪ੍ਰਧਾਨ ਦੀਪਕ ਕੁਮਾਰ, ਡਾ. ਰਾਜੂ ਚੌਹਾਨ, ਕੌਮੀ ਗਾਇਕ ਪਵਨ ਦਰਾਵਿੜ ਅਤੇ ਰਾਹੀ, ਬਾਬੀ ਚੌਹਾਨ, ਸੰਜੀਵ ਅਰੋੜਾ ਤੇ ਹੋਰ ਹਾਜ਼ਰ ਸਨ।
ਪੰਜਾਬ ਸਰਕਾਰ ਵੱਲੋਂ ਸੂਬਾਈ ਸਮਾਗਮ ਅੱਜ
ਅੰਮ੍ਰਿਤਸਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਵਿੱਚ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 20 ਅਕਤੂਬਰ ਨੂੰ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਪਾਵਨ ਦਿਹਾੜੇ ਮੌਕੇ ਮੱਥਾ ਟੇਕਣ ਪਹੁੰਚਣਗੀਆਂ। ਇਸ ਦੌਰਾਨ ਮੁੱਖ ਮੰਤਰੀ 25 ਕਰੋੜ ਰੁਪਏ ਲਾਗਤ ਨਾਲ ਤਿਆਰ ਹੋਣ ਵਾਲੇ ਪਨੋਰਮਾ ਦਾ ਨੀਂਹ ਪੱਥਰ ਵੀ ਰੱਖਣਗੇ, ਜਿਸ ਵਿੱਚ ਮਹਾਂਕਾਲ ਰਮਾਇਣ ਦੇ ਰਚੈਤਾ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿਖਿਆਵਾਂ ਨੂੰ ਦਰਸਾਇਆ ਜਾਵੇਗਾ।