ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 24 ਮਈ
ਪਿੰਡ ਵਿਚਲਾ ਕਿਲਾ ਦੇ 70 ਸਾਲਾ ਬਜ਼ੁਰਗ ਸਾਬਕਾ ਫੌਜੀ ਨੂੰ ਕੁੱਟ ਮਾਰ ਕਰਕੇ ਮਾਰਨ ਵਾਲੇ ਸ਼ਰੇਆਮ ਘੁੰਮ ਰਹੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕਰਦਿਆਂ ਮਿ੍ਤਕ ਫੌਜੀ ਦੇ ਪੁੱਤਰਾਂ ਵੱਲੋਂ ਪੁਲੀਸ ਥਾਣਾ ਰਾਜਾਸਾਂਸੀ ਦੀ ਮਿਲੀ ਭੁਗਤ ਦੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਉਲਟਾ ਇਨਸਾਫ ਲੈਣ ਲਈ ਥਾਣੇ ਪੁੱਜਣ ਮੌਕੇ ਪੁਲੀਸ ਵੱਲੋਂ ਉਨ੍ਹਾਂ ਦੇ ਪਰਿਵਾਰ ’ਤੇ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। 17 ਮਈ ਨੂੰ ਸਾਬਕਾ ਫੌਜੀ ਹਰਭਜਨ ਸਿੰਘ ਦੀ ਪਿੰਡ ਦੇ ਹੀ ਇੱਕ ਸਾਬਕਾ ਸਰਪੰਚ ਤੇ ਉਸ ਦੇ ਤਿੰਨ ਹੋਰ ਸਾਥੀਆਂ ਨੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਮਾਮਲੇ ’ਚ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਤੋਂ ਆਨਾਕਾਨੀ ਕਰਨ ਦੇ ਦੋਸ਼ ਲਾਉਂਦਿਆਂ ਮਿ੍ਤਕ ਫੌਜੀ ਦੇ ਪੁੱਤਰਾਂ ’ਚ ਗੁਰਸਾਹਬ ਸਿੰਘ ਤੇ ਸੂਬੇਦਾਰ ਬਿਕਰਮਜੀਤ ਸਿੰਘ ਛੀਨਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਸਾਬਕਾ ਫੌਜੀ ਨੂੰ ਪਿੰਡ ਦੇ ਸਾਬਕਾ ਸਰਪੰਚ ਤੇ ਸਾਥੀਆਂ ਵੱਲੋਂ ਮਾਰ ਦਿੱਤਾ ਗਿਆ ਸੀ, ਤੇ ਪੁਲੀਸ ਵੱਲੋਂ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਫਤਾ ਬੀਤ ਜਾਣ ਪਿੱਛੋਂ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ ਜਦੋਂਕਿ ਉਹ ਸ਼ਰ੍ਹੇਆਮ ਘੁੰਮ ਰਹੇ ਹਨ। ਇਸ ਸਬੰਧੀ ਥਾਣਾ ਰਾਜਾਸਾਂਸੀ ਦੇ ਐੱਸਐੱਚਓ ਸਬ ਇੰਸਪੈਕਟਰ ਜਸਵਿੰਦਰ ਸਿੰਘ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਅਜਨਾਲਾ ਵਿਪਨ ਕੁਮਾਰ ਨੇ ਕਿਹਾ ਕਿ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ।