ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਅਪਰੈਲ
ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸਥਾਨਕ ਹਵਾਈ ਅੱਡੇ ਤੋਂ ਹਰ ਸਾਲ ਲੱਖਾਂ ਲੋਕ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਤੇ ਰਾਜਸਥਾਨ ਲਈ ਆਉਂਦੇ ਹਨ ਲੱਖਾਂ ਹੀ ਲੋਕ ਵਿਦੇਸ਼ਾਂ ਨੂੰ ਜਾਂਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤਕ ਕਿਸੇ ਵੀ ਸਰਕਾਰ ਨੇ ਦਿੱਲੀ ਵਾਂਗ ਵੱਖ-ਵੱਖ ਸ਼ਹਿਰਾਂ ਤੋਂ ਹਵਾਈ ਅੱਡੇ ਲਈ ਬੱਸਾਂ ਚਲਾਉਣ ਦੀ ਖੇਚਲ ਨਹੀਂ ਕੀਤੀ। ਯਾਤਰੂਆਂ ਨੂੰ ਨਿੱਜੀ ਗੱਡੀਆਂ ਲੈ ਕੇ ਆਉਣਾ-ਜਾਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਲਈ ਪੰਜਾਬ ਰੋਡਵੇਜ਼ ਤੇ ਪੈਪਸੂ ਦੀਆਂ ਲਗ਼ਜ਼ਰੀ ਬੱਸਾਂ ਚਲਾਈਆਂ ਜਾਣ। ਅਜਿਹਾ ਕਰਨ ਨਾਲ ਉਨ੍ਹਾਂ ਯਾਤਰੂਆਂ ਨੂੰ ਵੀ ਰਾਹਤ ਮਿਲੇਗੀ ਜਿਨ੍ਹਾਂ ਪਾਸ ਆਪਣੀਆਂ ਕਾਰਾਂ ਨਹੀਂ ਤੇ ਉਹ ਬੱਸਾਂ ਰਾਹੀਂ ਆਉਂਦੇ-ਜਾਂਦੇ ਹਨ। ਮੰਚ ਆਗੂ ਨੇ ਹਵਾਈ ਅੱਡੇ ਤੋਂ ਘਿਓ ਮੰਡੀ ਤਕ ਲੋਕਲ ਬੱਸਾਂ ਚਲਾਉਣ ਦੀ ਵੀ ਮੰਗ ਕੀਤੀ ਹੈ।