ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ
ਜਥੇਬੰਦੀਆਂ ਨੇ ਪ੍ਰਕਾਸ਼ ਪੁਰਬ ਲਈ ਜਥਿਆਂ ਨੂੰ ਪਾਕਿ ਜਾਣ ਦੀ ਆਗਿਆ ਦੇਣ ਲਈ ਕੇਂਦਰ ਦਾ ਧੰਨਵਾਦ ਕੀਤਾ
ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਪ੍ਰਗਤੀਸ਼ੀਲ ਲੇਖਕ ਸੰਘ ਅਤੇ ਮਾਝਾ ਵਿਰਾਸਤ ਟਰੱਸਟ ਸਣੇ ਵੱਖ-ਵੱਖ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੋਂ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਦੀ ਮੰਗ ਕੀਤੀ ਹੈ। ਜਥੇਬੰਦੀਆਂ ਨੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦੇਣ ਦਾ ਸਵਾਗਤ ਵੀ ਕੀਤਾ। ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਕਿਹਾ ਕਿ ਪਹਿਲਗਾਮ ਹਮਲੇ ਮਗਰੋਂ ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਕਾਰਨ ਦੋਵਾਂ ਮੁਲਕਾਂ ਦੇ ਸਬੰਧ ਵਿਗੜ ਗਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਭਾਰਤ-ਪਾਕਿਸਤਾਨ ਵਿਚਾਲੇ ਚੰਗੇ ਰਿਸ਼ਤਿਆਂ ਦੀਆਂ ਮੁੱਦਈ ਜਥੇਬੰਦੀਆਂ ਵਲੋਂ ਆਵਾਜ਼ ਉਠਾਉਣ ’ਤੇ ਕੇਂਦਰ ਵੱਲੋਂ ਸ਼ਰਧਾਲੂਆਂ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਦੀ ਆਗਿਆ ਦਿੱੱਤੀ ਗਈ ਹੈ। ਜਥੇਬੰਦੀਆ ਵੱਲੋਂ ਸਤੀਸ਼ ਝੀਂਗਣ, ਹਰਜੀਤ ਸਿੰਘ ਸਰਕਾਰੀਆ, ਦਿਲਬਾਗ ਸਿੰਘ ਸਰਕਾਰੀਆ ਆਦਿ ਨੇ ਕੇਂਦਰ ਤੋਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ।