ਪੱਤਰ ਪ੍ਰੇਰਕ
ਤਰਨ ਤਾਰਨ, 17 ਅਪਰੈਲ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ਼) ਦੀ ਜ਼ਿਲ੍ਹਾ ਇਕਾਈ ਨੇ ਅੱਜ ਇਥੇ ਮੀਟਿੰਗ ਕਰ ਕੇ ਨਵੇਂ ਵਿਦਿਆਕ ਵਰ੍ਹੇ ਦੇ ਦੋ ਹਫਤੇ ਬੀਤ ਜਾਣ ਮਗਰੋਂ ਵੀ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਨਾ ਪਹੁੰਚਾਉਣ ਲਈ ਸੂਬੇ ਦੀ ‘ਆਪ’ ਸਰਕਾਰ ਦੀ ਨਿਖੇਧੀ ਕੀਤੀ ਹੈ| ਮੀਟਿੰਗ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਅਤੇ ਜਨਰਲ ਸਕੱਤਰ ਕਸ਼ਮੀਰ ਸਿੰਘ ਚੋਹਲਾ ਸਾਹਿਬ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬਾਂ ਨਾ ਮਿਲਣ ਕਰਕੇ ਉਨ੍ਹਾਂ ਦੀ ਪੜ੍ਹਾਈ ਦਾ ਕੀਮਤੀ ਸਮਾਂ ਖਰਾਬ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਇਸ ਬੇਰੁਖੀ ਤੋਂ ਸੂਬੇ ਅੰਦਰ ਮਿਆਰੀ ਸਿੱਖਿਆ ਦੇਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ| ਉਨ੍ਹਾਂ ਕਿਹਾ ਕਿ ਇਸ ਸਥਿਤੀ ਤੋਂ ਅਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਤਾਂ ਹੋਰ ਵੀ ਵਧੇਰੇ ਪ੍ਰਭਾਵਿਤ ਹੋ ਰਹੇ ਹਨ ਕਿਉਂਕਿ ਇਨ੍ਹਾਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਅਜੇ ਤੱਕ ਮੁਕੰਮਲ ਨਾ ਹੋਣ ਕਰਕੇ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਨੂੰ ਅੰਸ਼ਕ ਰਾਹਤ ਦੇ ਰੂਪ ਵਿੱਚ ਪੁਰਾਣੀਆਂ ਕਿਤਾਬਾਂ ਵੀ ਪ੍ਰਾਪਤ ਨਹੀਂ ਹੋ ਰਹੀਆਂ। ਆਗੂਆਂ ਨੇ ਸਰਕਾਰ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਸੰਜੀਦਗੀ ਦਿਖਾਉਂਦੇ ਹੋਏ ਸਾਰੇ ਵਿਸ਼ਿਆਂ ਦੀਆਂ ਕਿਤਾਬਾਂ ਦੇ ਸਮੁੱਚੇ ਟਾਈਟਲਾਂ ਨੂੰ ਪੂਰੀ ਗਿਣਤੀ ਵਿੱਚ ਸਕੂਲਾਂ ਤਕ ਬਿਨਾਂ ਦੇਰੀ ਦੇ ਪੁੱਜਦਾ ਕਰਨ ਦੀ ਮੰਗ ਕੀਤੀ ਹੈ|