ਪੱਤਰ ਪ੍ਰੇਰਕ
ਅਟਾਰੀ, 15 ਸਤੰਬਰ
ਮਹਾਰਾਜਾ ਸ਼ੇਰ ਸਿੰਘ ਦੀ 179ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਵਾਰਸਾਂ ਵੱਲੋਂ ਅੱਜ ਅਟਾਰੀ ਸਥਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਹਾਰਾਜਾ ਸ਼ੇਰ ਸਿੰਘ ਦੀ ਪੰਜਵੀਂ ਪੀੜ੍ਹੀ ਦੇ ਵਾਰਸਾਂ ਕਰਵਿੰਦਰਪਾਲ ਸਿੰਘ, ਦਵਿੰਦਰਪਾਲ ਸਿੰਘ, ਮੀਤਪਾਲ ਸਿੰਘ ਅਤੇ ਸੁਖਪ੍ਰੀਤ ਸਿੰਘ, ਅਜੈਪ੍ਰੀਤ ਸਿੰਘ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਕਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਖੜਕ ਸਿੰਘ ਮਹਾਰਾਜਾ ਬਣੇ ਅਤੇ ਉਨ੍ਹਾਂ ਦੀ ਮੌਤ ਤੋਂ ਬਾਅਦ ਸ਼ੇਰ ਸਿੰਘ ਮਹਾਰਾਜਾ ਬਣੇ ਸਨ। ਉਨ੍ਹਾਂ ਦੱਸਿਆ ਕਿ ਸ਼ੇਰ ਸਿੰਘ ਨੂੰ ਮਹਾਰਾਜਾ ਬਣਿਆ ਤਿੰਨ ਸਾਲ ਹੀ ਹੋਏ ਸਨ ਕਿ 15 ਸਤੰਬਰ 1843 ਈ. ਵਾਲੇ ਦਿਨ ਸ਼ਾਹ ਬਲਾਵਲ ਬਾਰਾਂਦਰੀ, ਲਾਹੌਰ ਵਿਖੇ ਕੁਸ਼ਤੀਆਂ ਵੇਖ ਰਹੇ ਮਹਾਰਾਜਾ ਸ਼ੇਰ ਸਿੰਘ ਨੂੰ ਅਜੀਤ ਸਿੰਘ ਸੰਧਾਵਾਲੀਆ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਸੇ ਦਿਨ ਮਹਾਰਾਜਾ ਸ਼ੇਰ ਸਿੰਘ ਦੇ ਪੁੱਤਰ ਟਿੱਕਾ ਪ੍ਰਤਾਪ ਸਿੰਘ ਨੂੰ ਲਹਿਣਾ ਸਿੰਘ ਨੇ ਕਤਲ ਕਰ ਦਿੱਤਾ ਸੀ। ਮਹਾਰਾਜਾ ਸ਼ੇਰ ਸਿੰਘ ਦੇ ਅਟਾਰੀ ਵਿੱਚ ਵਾਰਸਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਬਟਾਲਾ ਵਿਖੇ ਮਹਾਰਾਜਾ ਸ਼ੇਰ ਸਿੰਘ ਦੀ ਢੁੱਕਵੀਂ ਯਾਦਗਾਰ ਬਣਾਈ ਜਾਵੇ।