ਨਿੱਜੀ ਪੱਤਰ ਪ੍ਰੇਰਕ
ਬਟਾਲਾ, 13 ਮਈ
ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਅੱਜ ਐੱਸਜੀਪੀਸੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀਆਂ ਕੋਲ ਪਹੁੰਚ ਕਰਕੇ ਇਹ ਮੰਗ ਕੀਤੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀ ਤਾਰੀਖ ਨਾਨਕਸ਼ਾਹੀ ਕੈਲੰਡਰ ਵਿੱਚ ਦਰਜ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿੱਜੀ ਸਕੱਤਰ ਡਾ. ਅਮਰੀਕ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਿਮਰਨਜੀਤ ਸਿੰਘ ਨੂੰ ਦਿੱਤੇ ਵੱਖ-ਵੱਖ ਮੰਗ ਪੱਤਰਾਂ ਰਾਹੀਂ ਕਮੇਟੀ ਮੈਂਬਰ ਜੱਸਲ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦੀ ਮੰਗ ਹੈ ਕਿ ਸਿੱਖ ਪੰਥ ਦੇ ਉੱਘੇ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਮਿਤੀ ਨੂੰ ਨਾਨਕਸ਼ਾਹੀ ਕੈਲੰਡਰ ਵਿੱਚ ਦਰਜ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀਆਂ ਨੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਵਾਜਬ ਮੰਗ ਉਪਰ ਗ਼ੌਰ ਕੀਤਾ ਜਾਵੇਗਾ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ ਦੇ ਆਗੂ ਇੰਦਰਜੀਤ ਸਿੰਘ ਹਰਪੁਰਾ, ਕੁਲਵਿੰਦਰ ਸਿੰਘ ਲਾਡੀ ਜੱਸਲ ਅਤੇ ਮੇਜਰ ਸਿੰਘ ਮੌਜੂਦ ਸਨ।