ਪੱਤਰ ਪ੍ਰੇਰਕ
ਤਰਨ ਤਾਰਨ, 16 ਜੁਲਾਈ
ਇਥੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆ ਦੇ ਸਾਂਝੇ ਮੋਰਚੇ ਦੇ ਨਿਰਦੇਸ਼ਾਂ ਤੇ ਪੰਜਾਬ ਖੇਤ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਕੀਤੀ ਗਈ। ਜਥੇਬੰਦੀ ਦੇ ਆਗੂ ਕਾਮਰੇਡ ਬਾਵਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸਭਾ ਦੀ ਸੂਬਾ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ ਤੋਂ ਇਲਾਵਾ ਸਖਦੇਵ ਸਿੰਘ ਕੋਟ ਧਰਮ ਚੰਦ, ਰਸ਼ਪਾਲ ਸਿੰਘ ਘੁਰਕਵਿੰਡ, ਮੇਜਰ ਸਿੰਘ ਦਾਰਾਪੁਰ ਨੇ ਸੰਬੋਧਨ ਕੀਤਾ। ਬੁਲਾਰਿਆਂ ਮਨਰੇਗਾ ਸਕੀਮ ਮਜ਼ਦੂਰਾਂ ਨੂੰ ਰੋਜ਼ਾਨਾ ਕੰਮ ਦੇਣ ਤੇ ਸੱਤ ਸੌ ਰੁਪਏ ਦਿਹਾੜੀ ਦੇਣ, ਮਨਰੇਗਾ ਦੇ ਕੰਮ ਦੇਣ ਵਿੱਚ ਸਿਆਸੀ ਦਖਲ ਅੰਦਾਜ਼ੀ ਬੰਦ ਕੀਤੇ ਜਾਣ ਅਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਪੰਚਾਇਤੀ ਜ਼ਮੀਨਾਂ ਵਿੱਚੋਂ ਤੀਜੇ ਹਿੱਸੇ ਦੀ ਰਾਖਵੀਂ ਜ਼ਮੀਨ ਠੇਕੇ ਉੱਤੇ ਦੇਣਾ ਯਕੀਨੀ ਬਣਾਏ ਜਾਣ ਤੇ ਜ਼ੋਰ ਦਿੱਤਾ। ਬੁਲਾਰਿਆਂ ਨੇ ਮਜ਼ਦੂਰ ਵਰਗਾਂ ਦੀਆਂ ਹੋਰ ਮੰਗਾਂ ’ਤੇ ਵੀ ਰੌਸ਼ਨੀ ਪਾਈ ਤੇ ਸਰਕਾਰ ਨੂੰ ਮਜ਼ਦੂਰਾਂ ਦੀਆਂ ਮੰਗਾਂ ਵੱਲ ਉਚੇਚਾ ਧਿਆਨ ਦੇਣ ਦੀ ਅਪੀਲ ਕੀਤੀ ਹੈ।