ਪੱਤਰ ਪ੍ਰੇਰਕ
ਤਰਨ ਤਾਰਨ, 17 ਅਗਸਤ
‘ਦਿ ਤਰਨ ਤਾਰਨ ਡੀ ਸੀ ਆਫਿਸ ਐਂਪਲਾਈਜ਼ ਐਸੋਸੀਏਸ਼ਨ’ ਦੀ ਸਥਾਨਕ ਇਕਾਈ ਵਲੋਂ ਅੱਜ ਇਥੇ ਐੱਸਡੀਐੱਮ ਦਫ਼ਤਰ ਅੰਦਰ ਹੋ ਰਹੀਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਐੱਸਡੀਐੱਮ, ਡਿਪਟੀ ਕਮਿਸ਼ਨਰ ਅਤੇ ਹੋਰਨਾਂ ਦਫਤਰਾਂ ਦੇ ਮੁਲਾਜ਼ਮਾਂ ਨੇ ਭਾਗ ਲਿਆ| ਧਰਨਾਕਾਰੀਆਂ ਨੂੰ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵਕਰਨ ਸਿੰਘ ਚੀਮਾ, ਸੁਖਵਿੰਦਰ ਸਿੰਘ ਸੰਧੂ, ਗੁਰਸੇਵਕ ਸਿੰਘ, ਨਿਸ਼ਾਨ ਸਿੰਘ, ਤੇਜਿੰਦਰ ਸਿੰਘ ਸੰਧੂ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਸਰਕਾਰੀ ਕੰਮ ਵਿੱਚ ਗੈਰ-ਸਰਕਾਰੀ ਮੁਲਾਜ਼ਮਾਂ ਦੀ ਦਾਖ਼ਲ-ਅੰਦਾਜ਼ੀ ’ਤੇ ਵੀ ਸਵਾਲ ਉਠਾਏ| ਬੁਲਾਰਿਆਂ ਜੂਨੀਅਰ ਅਤੇ ਸੀਨੀਅਰ ਸਹਾਇਕ ਦੀਆਂ ਤਰੱਕੀਆਂ ਕਰਨ ਵਿੱਚ ਦੇਰੀ ਕੀਤੇ ਜਾਣ ਦੀ ਨਿਖੇਧੀ ਕੀਤੀ| ਐੱਸਡੀਐੱਮ ਰਜਨੀਸ਼ ਅਰੋੜਾ ਨੇ ਦਫ਼ਤਰੀ ਕੰਮ ਨਿਯਮਾਂ ਅਨੁਸਾਰ ਕੀਤੇ ਜਾਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਉਹ ਮੁਲਾਜ਼ਮਾਂ ’ਤੇ ਕੰਮ ਦਾ ਬੋਝ ਘਟਾਉਣ ਅਤੇ ਲੋਕਾਂ ਨੂੰ ਛੇਤੀ ਸੇਵਾਵਾਂ ਦੇਣ ਲਈ ਹੀ ਕੰਮ ਕਰ ਰਹੇ ਹਨ|