ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 22 ਜੁਲਾਈ
ਭਾਰਤੀ ਕਿਸਾਨ ਜੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਤੇ ਸਕੱਤਰ ਦਲਜੀਤ ਸਿੰਘ ਚਿਤੌੜਗੜ੍ਹ ਦੀ ਅਗਵਾਈ ਹੇਠ ਫਤਿਹਗੜ੍ਹ ਚੂੜੀਆਂ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇਣ ਲਈ ਐੱਸਡੀਐਮ ਦਫ਼ਤਰ ਪਹੁੰਚੇ। ਐੱਸਡੀਐੱਮ ਦੇ ਦਫ਼ਤਰ ਨਾ ਹੋਣ ਕਾਰਨ ਮੰਗ ਪੱਤਰ ਉਨ੍ਹਾਂ ਦੇ ਦਫ਼ਤਰ ਦੀ ਦਰਵਾਜੇ ’ਤੇ ਚਿਪਕਾਇਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਐੱਸਡੀਐੱਮ ਨੇ ਕਿਸਾਨਾਂ ਨੂੰ ਦੋ ਵਜੇ ਦਾ ਸਮਾਂ ਦਿੱਤਾ ਸੀ, ਪਰ ਉਹ ਦਫ਼ਤਰ ਨਹੀਂ ਆਏ। ਗੁੱਸੇ ਵਿੱਚ ਆਏ ਕਿਸਾਨਾਂ ਨੇ ਐੱਸਡੀਐੱਮ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ-ਪੱਤਰ ਦਫ਼ਤਰ ਦੇ ਦਰਵਾਜੇ ’ਤੇ ਚਿਪਕਾ ਦਿੱਤਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਆਦਿਵਾਸੀ ਲਈ ਲੜਨ ਵਾਲੇ ਗਾਂਧੀਵਾਦੀ ਆਗੂ ਹਿਮਾਂਸ਼ੂ ਕੁਮਾਰ ਨੂੰ ਸੁਪਰੀਮ ਕੋਰਟ ਵੱਲੋਂ ਲਾਇਆ ਪੰਜ ਲੱਖ ਰੁਪਏ ਦਾ ਜੁਰਮਾਨਾ ਰੱਦ ਕੀਤਾ ਜਾਵੇ ਅਤੇ ਹੋਰ ਇਨਸਾਫ਼ ਪਸੰਦ ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਝੂਠੇ ਕੇਸਾਂ ਵਿੱਚ ਜੇਲ੍ਹੀਂ ਡੱਕੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਐੱਸਡੀਐੱਮ ਫਤਿਹਗੜ ਚੂੜੀਆਂ ਦੀ ਹਾਜ਼ਰੀ ਪੂਰਾ ਹਫ਼ਤਾ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਾਉਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਐੱਸਡੀਐੱਮ ਦਫ਼ਤਰ ਦਾ ਬੋਰਡ ਬਾਹਰ ਸੜਕ ’ਤੇ ਲਗਾਇਆ ਜਾਵੇ। ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ, ਨਿਰਮਲ ਸਿੰਘ, ਹਰਪਾਲ ਸਿੰਘ, ਤਰਸੇਮ ਸਿੰਘ, ਅੰਮ੍ਰਿਤਪਾਲ ਸਿੰਘ, ਹਰਦੀਪ ਸਿੰਘ,ਦਲਜੀਤ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਕੇਵਲ ਸਿੰਘ ਅਤੇ ਕੁਲਵੰਤ ਸਿੰਘ ਹਾਜ਼ਰ ਸਨ।