ਪੱਤਰ ਪ੍ਰੇਰਕ
ਧਾਰੀਵਾਲ, 18 ਸਤੰਬਰ
ਪੰਜਾਬ ਸਰਕਾਰ ਵੱਲੋਂ ਜੀਓਜੀ ਭੰਗ ਕਰਨ ਦੇ ਵਿਰੋਧ ਵਿੱਚ ਖੁਸ਼ਹਾਲੀ ਦੇ ਰਾਖੇ (ਜੀਓਜੀ) ਜਵਾਨਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬ੍ਰਿਗੇਡੀਅਰ ਗੁਰਦਰਸ਼ਨ ਸਿੰਘ ਕਾਹਲੋਂ, ਜੀਓਜੀ ਹੈੱਡ ਜ਼ਿਲ੍ਹਾ ਗੁਰਦਾਸਪੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਜ਼ਿਲ੍ਹਾ ਭਰ ਤੋਂ ਜੀਓਜੀ ਜਵਾਨਾਂ ਨੇ ਸਿਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਮੂਲੀਅਤ ਕੀਤੀ। ਸ਼ਹਿਰ ਵਿੱਚੋਂ ਲੰਘਦੇ ਸਮੇਂ ਰੋਸ ਮੁਜ਼ਾਹਰੇ ਦੌਰਾਨ ਜੀਓਜੀ ਜਵਾਨਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬ੍ਰਿਗੇਡੀਅਰ ਜੀ.ਐੱਸ ਕਾਹਲੋਂ ਸਣੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਖਿਲਾਫ਼ ਸ਼ਬਦੀ ਹਮਲੇ ਕਰਦਿਆਂ ਕਿਹਾ ਪੰਜਾਬ ਵਿਚਲੀ ‘ਆਪ’ ਦੀ ਸਰਕਾਰ ਵੱਲੋਂ ਬਿਨਾਂ ਨੋਟਿਸ ਦਿੱਤੇ ਜੀਓਜੀ ਨੂੰ ਗਲਤ ਢੰਗ ਨਾਲ ਭੰਗ ਕੀਤਾ ਗਿਆ ਹੈ। ਗੁਆਂਢੀ ਸੂਬਿਆਂ ਦੇ ਲੋਕਾਂ ਨੂੰ ਵੀ ਅਜਿਹੇ ਰਵੱਈਏ ਤੋਂ ਸਬਕ ਸਿੱਖ ਕੇ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣਾ ਚਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ ਸਣੇ ਹੋਰ ਸੂਬਿਆਂ ਵਿੱਚ ਜਾ ਕੇ ਲੋਕਾਂ ਨੂੰ ‘ਆਪ’ ਦੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਨਾਲ ਕੀਤੇ ਵਤੀਰੇ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਨੋਟਿਸ ਇੱਕਦਮ ਫੈਸਲਾ ਲੈ ਕੇ ਜੀਓਜੀ ਸਕੀਮ ਨੂੰ ਭੰਗ ਕਰ ਦਿੱਤਾ ਹੈ ਜਿਸ ਵਿਰੁੱਧ ਜੀਓਜੀ ਜਵਾਨ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਮੰਤਰੀਆਂ ਦਾ ਹਰ ਥਾਂ ’ਤੇ ਵਿਰੋਧ ਕੀਤਾ ਜਾਵੇਗਾ।