ਜਤਿੰਦਰ ਬੈਂਸ
ਗੁਰਦਾਸਪੁਰ, 12 ਨਵੰਬਰ
ਬੇਜ਼ਮੀਨੇ ਮਜ਼ਦੂਰਾਂ ਨੇ ਰਿਹਾਇਸ਼ੀ ਪਲਾਟਾਂ ਦੀ ਮੰਗ ਨੂੰ ਲੈ ਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਮੇਜਰ ਸਿੰਘ ਕੋਟ ਟੋਡਰ ਮੱਲ, ਜਰਨੈਲ ਸਿੰਘ ਝਬਕਰਾ, ਸੱਜਣ ਸਿੰਘ ਰਊਵਾਲ ਅਤੇ ਭਜਨ ਲਾਲ ਇਸਰਪੁਰ ਕੋਠੇ ਦੀ ਅਗਵਾਈ ਹੇਠ ਸਥਾਨਕ ਨਹਿਰੂ ਪਾਰਕ ਵਿੱਚ ਇਕੱਠੇ ਹੋਏ ਅਤੇ ਬੀਡੀਪੀਓ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਸੁਪਰਡੈਂਟ ਹਰਮਨਜੀਤ ਸਿੰਘ ਨੂੰ ਮੰਗ ਪੱਤਰ ਅਤੇ ਪੰਜ-ਪੰਜ ਮਰਲੇ ਦੇ ਪਲਾਟਾਂ ਦੀਆਂ ਅਰਜ਼ੀਆਂ ਦਿੱਤੀਆਂ। ਇਸ ਤੋਂ ਇਲਾਵਾ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਇਜਲਾਸ ਬੁਲਾ ਜਨਤਾ ਦੀ ਰਹਿਨੁਮਾਈ ਹੇਠ ਮਤੇ ਪੁਆ ਕੇ ਲੋੜਵੰਦ ਬੇਜ਼ਮੀਨੇ ਕਿਰਤੀਆਂ ਨੂੰ ਰਿਹਾਇਸ਼ੀ ਪਲਾਟ ਦਿੱਤੇ ਜਾਣ ਅਤੇ ਜਿਨ੍ਹਾਂ ਪਿੰਡਾਂ ਕੋਲ ਪੰਚਾਇਤੀ ਜ਼ਮੀਨਾਂ ਨਹੀਂ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਜ਼ਮੀਨਾਂ ਐਕੁਆਇਰ ਕਰ ਕੇ ਰਿਹਾਇਸ਼ੀ ਪਲਾਟ ਦੇਣ ਦੀ ਮੰਗ ਚੁੱਕੀ ਗਈ।