ਪੱਤਰ ਪ੍ਰੇਰਕ
ਗੁਰਦਾਸਪੁਰ, 16 ਨਵੰਬਰ
ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨੇ ਦੌਰਾਨ ਕੋਈ ਸੁਣਵਾਈ ਨਾ ਹੋਣ ਕਾਰਨ ਰੋਹ ਵਿੱਚ ਰਾਤ ਫਿਸ਼ ਪਾਰਕ ਨੇੜੇ ਸਥਿਤ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਤੱਕ ਮੋਮਬੱਤੀ ਮਾਰਚ ਕੀਤਾ। ਡਿਪਟੀ ਕਮਿਸ਼ਨਰ ਰਿਹਾਇਸ਼ ਅੱਗੇ ਪੁੱਜ ਕੇ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਅੰਦੋਲਨ ਦੌਰਾਨ ਸ਼ਹੀਦ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮੁਰੀਦਕੇ ਵਾਸੀ ਕਿਸਾਨ ਸੋਹਣ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਮੁੱਖ ਮੰਤਰੀ ਦੇ ਅੱਜ ਜ਼ਿਲ੍ਹੇ ਅੰਦਰ ਹੋਣ ਕਾਰਨ ਡਿਪਟੀ ਕਮਿਸ਼ਨਰ ਦੇ ਬਾਹਰ ਹੋਣ ਦੇ ਬਾਵਜੂਦ ਕਿਸਾਨ ਮਿਲ ਕੇ ਜਾਣ ਦੀ ਜ਼ਿੱਦ ਕਾਰਨ ਖ਼ਬਰ ਲਿਖੇ ਜਾਣ ਤੱਕ ਵੀ ਧਰਨੇ ਉੱਤੇ ਡੱਟੇ ਹੋਏ ਸਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਕਿਹਾ ਕਿ ਚਾਰ ਅਕਤੂਬਰ ਨੂੰ ਡਿਪਟੀ ਕਮਿਸ਼ਨਰ ਸਾਹਿਬ ਨੂੰ ਮੰਗ ਪੱਤਰ ਦੇ ਕੇ ਗਏ ਸਨ।