ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 9 ਜੂਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪਿੰਡ ਜਗਦੇਵ ਕਲਾਂ ਅੰਮ੍ਰਿਤਸਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਮੂਹਰੇ ਵਿਸ਼ਾਲ ਇਕੱਠ ਕੀਤਾ ਗਿਆ ਅਤੇ ਕਹਿਰ ਦੀ ਗਰਮੀ ਦੇ ਬਾਵਜੂਦ ਸੈਂਕੜੇ ਕਿਸਾਨ, ਮਜ਼ਦੂਰ ਤੇ ਬੀਬੀਆਂ ਰੈਲੀ ਵਿਚ ਸ਼ਾਮਲ ਹੋਏ। ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ 1947 ਅਤੇ ਉਸ ਤੋਂ ਬਾਅਦ ਜੰਗਲ ਬੇਲੇ ਪੁੱਟ ਕੇ ਆਬਾਦ ਕੀਤੀਆਂ ਜ਼ਮੀਨਾਂ ਨੂੰ ਪੱਧਰਾ ਕੀਤਾ ਅਤੇ ਫਿਰ ਦੇਸ਼ ਦੇ ਅੰਨ ਭੰਡਾਰ ਅਨਾਜ ਪੈਦਾ ਕਰਕੇ ਭਰੇ ਪਰ ਅਜੇ ਤੱਕ ਉਨ੍ਹਾਂ ਆਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਨਹੀਂ ਮਿਲੇ।