ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 15 ਅਕਤੂਬਰ
ਜੇਲ੍ਹ ਵਿੱਚ ਡਰੱਗ ਰੈਕੇਟ ਚਲਾਉਣ ਦੇ ਮਾਮਲੇ ਵਿੱਚ ਆਪਣੀ ਹੀ ਜੇਲ੍ਹ ਵਿੱਚ ਬੰਦ ਤਤਕਾਲੀ ਡਿਪਟੀ ਸੁਪਰਡੈਂਟ ਬਲਬੀਰ ਸਿੰਘ ਨੂੰ ਜੇਲ੍ਹ ਸੁਪਰਡੈਂਟ ਵੱਲੋਂ ਕਥਿਤ ਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜੇਲ੍ਹ ਸੂਤਰਾਂ ਮੁਤਾਬਕ ਡਰੱਗ ਰੈਕੇਟ ਦੇ ਦੋਸ਼ਾਂ ਤਹਿਤ ਜੇਲ੍ਹ ਵਿੱਚ ਬੰਦ ਡਿਪਟੀ ਸੁਪਰਡੈਂਟ ਬਲਬੀਰ ਸਿੰਘ ਨੂੰ ਕੈਦੀਆਂ ਨਾਲ ਬੰਦ ਰੱਖਣ ਦੀ ਬਜਾਇ ਵੱਖਰਾ ਕੁਆਰਟਰ ਮੁਹੱਈਆ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਬੰਦ ਗੈਗਸਟਰਾਂ ਅਤੇ ਕੈਦੀਆਂ ਨੂੰ ਨਸ਼ਾ ਅਤੇ ਮੋਬਾਈਲ ਫੋਨ ਸਪਲਾਈ ਕਰਨ ਦੇ ਦੋਸ਼ ਹੇਠ ਐਸਟੀਐਫ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਡਿਪਟੀ ਸੁਪਰਡੈਂਟ ਨੂੰ ਜੇਲ੍ਹ ਵਿੱਚ ਡਰੱਗ ਰੈਕੇਟ ਚਲਾਉਣ ਦੇ ਮਾਮਲੇ ਵਿੱਚ ਖਡੂਰ ਸਾਹਿਬ ਦੇ ਡਿਊਟੀ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕਰਵਾਉਣ ਤੋਂ ਬਾਅਦ ਮਿਲੇ ਇੱਕ ਰੋਜ਼ਾ ਰਿਮਾਂਡ ਤੋਂ ਬਾਅਦ ਸ਼ੁੱਕਰਵਾਰ ਨੂੰ ਗੋਇੰਦਵਾਲ ਸਾਹਿਬ ਜੇਲ੍ਹ ਭੇਜ ਦਿੱਤਾ ਗਿਆ ਸੀ। ਡਰੱਗ ਰੈਕੇਟ ਨਾਲ ਜੁੜੇ ਜੇਲ੍ਹ ਦੇ ਸਾਬਕਾ ਸਹਾਇਕ ਸੁਪਰਡੈਂਟ ਨੂੰ ਆਪਣੀ ਹੀ ਜੇਲ੍ਹ ਵਿੱਚ ਵੀਆਈਪੀ ਸਹੂਲਤਾਂ ਮਿਲਣ ਕਾਰਨ ਇੱਕ ਵਾਰ ਜੇਲ੍ਹ ਪ੍ਰਸ਼ਾਸਨ ਵਿਵਾਦਾਂ ਵਿਚ ਘਿਰਦਾ ਦਿਖਾਈ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਡਿਪਟੀ ਸੁਪਰਡੈਂਟ ਬਲਬੀਰ ਸਿੰਘ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਜੇਲ੍ਹ ਵਿੱਚ ਬੰਦ ਖ਼ਤਰਨਾਕ ਕੈਦੀਆਂ ਨੂੰ ਮੋਬਾਈਲ ਫੋਨ ਮੁਹੱਈਆ ਕਰਵਾਉਣ ਤੇ ਹੋਰ ਹਵਾਲਾਤੀਆਂ ਨੂੰ ਨਸ਼ੇ ਸਪਲਾਈ ਕਰਨ ਕਾਰਨ ਚਰਚਾ ਵਿੱਚ ਰਿਹਾ ਹੈ।
ਜੇਲ੍ਹ ਸੁਪਰਡੈਂਟ ਨੇ ਵੀਆਈਪੀ ਸਹੂਲਤਾਂ ਦੇਣ ਤੋਂ ਇਨਕਾਰ ਕੀਤਾ
ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਸਾਬਕਾ ਡਿਪਟੀ ਸੁਪਰਡੈਂਟ ਨੂੰ ਵੀਆਈਪੀ ਸਹੂਲਤਾਂ ਦੇਣ ਦੀ ਗੱਲ ਤੋਂ ਇਨਕਾਰ ਕੀਤਾ।