Desh Bachao' Mega Rally in Delhi: ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਨੂੰ ਵਹੀਰਾਂ ਘੱਤੀਆਂ
ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲੲੀ ਚਾਰਾਜੋੲੀ
ਦੇਸ਼ ਬਚਾਓ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਗੂਆਂ ਵੱਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਦਿਲੀ ਦੇ ਕਿਸਾਨ ਘਾਟ ਵਿੱਚ ਵਿਸ਼ਾਲ ਮਹਾਂ ਰੈਲੀ ਵਿੱਚ ਸ਼ਾਮਲ ਹੋਣ ਲਈ ਜ਼ਿਲ੍ਹਾ ਅੰਮ੍ਰਿਤਸਰ-ਗੁਰਦਾਸਪੁਰ ਤੋ ਵੱਡਾ ਕਾਫ਼ਲਾ ਬਿਆਸ ਪੁਲ ਤੋਂ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਅੰਮ੍ਰਿਤਸਰ-ਗੁਰਦਾਸਪੁਰ ਜ਼ਿਲ੍ਹਿਆਂ ਦਾ ਸੈਂਕੜੇ ਬੱਸਾਂ ਦਾ ਕਾਫ਼ਲਾ ਅੱਜ ਬਿਆਸ ਪੁਲ ਤੋ ਰਵਾਨਾ ਹੋਇਆ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ, ਏ ਕੇ ਐੱਮ, ਬੀਕੇਯੂ ਏਕਤਾ ਸੰਘਰਸ਼, ਹੋਰ ਕਿਸਾਨ ਜਥੇਬੰਦੀਆਂ ਦੇ ਕਾਫ਼ਲੇ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿੱਲੀ ਲਈ ਰਵਾਨਾ ਹੋ ਰਹੇ ਹਨ। ਕਾਫ਼ਲੇ ਰਾਤ ਸਮੇਂ ਆਪਣੇ-ਆਪਣੇ ਪ੍ਰੋਗਰਾਮ ਅਨੁਸਾਰ ਵੱਖ-ਵੱਖ ਥਾਵਾਂ ‘ਤੇ ਠਹਿਰਨਗੇ, ਜਦਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕਾਫ਼ਲਾ ਫ਼ਤਿਹਗੜ੍ਹ ਸਾਹਿਬ-ਸਰਹਿੰਦ ਵਿੱਚ ਰਾਤ ਠਹਿਰੇਗਾ ਅਤੇ ਸਵੇਰੇ ਤੜਕੇ ਸ਼ੰਭੂ ਬਾਰਡਰ ਰਾਹੀਂ ਦਿੱਲੀ ਲਈ ਰਵਾਨਾ ਹੋਵੇਗਾ। ਪੰਧੇਰ ਨੇ ਕਿਹਾ ਕਿ ਦੇਸ਼ ਬਚਾਓ ਮੋਰਚੇ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਸਬੰਧਤ ਸਾਰੇ ਦਸਤਾਵੇਜ਼ ਜਨਤਕ ਕੀਤੇ ਜਾਣ ਅਤੇ ਕਿਸਾਨਾਂ, ਮਜ਼ਦੂਰਾਂ, ਡੇਅਰੀ ਉਤਪਾਦਕਾਂ, ਛੋਟੇ ਵਪਾਰੀਆਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਸਤ੍ਰਿਤ ਚਰਚਾ ਕੀਤੇ ਬਿਨਾਂ ਕੋਈ ਵੀ ਸਮਝੌਤਾ ਨਾ ਕੀਤਾ ਜਾਵੇ। ਇਸ ਮੌਕੇ ਹਰਵਿੰਦਰ ਸਿੰਘ ਮਸਾਣੀਆਂ (ਗੁਰਦਾਸਪੁਰ) ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ, ਜਰਮਨਜੀਤ ਸਿੰਘ ਬੰਡਾਲਾ, ਰਣਜੀਤ ਸਿੰਘ ਕਲੇਰ ਬਾਲਾ, ਕੰਵਰ ਦਲੀਪ ਸੈਦੋ ਲੇਹਲ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਂ ਨੰਗਲ ਹਾਜ਼ਰ ਸਨ । ਗੋਇੰਦਵਾਲ ਤੋ ਆ ਰਹੇ ਜਥੇ ਦੀ ਅਗਵਾਈ ਸਤਨਾਮ ਸਿੰਘ ਮਾਨੋਚਾਹਲ, ਹਰਜਿੰਦਰ ਸਿੰਘ ਸ਼ਕਰੀ ਨੇ ਕੀਤੀ।

