ਅੱਠ-ਦਸ ਮਹੀਨਿਆਂ ਤੋਂ ਬੱਜਰ ਤੇ ਮਿੱਟੀ ’ਤੇ ਹੀ ਅਟਕਿਆ ਵਿਕਾਸ, ਮੀਂਹ ਪੈਂਦਿਆਂ ਸੜਕ ਬਣ ਜਾਂਦੀ ਹੈ ਛੱਪੜ
ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ
ਕਸਬਾ ਭਿੱਖੀਵਿੰਡ ਦੇ ਬਲੇਰ ਰੋਡ ਤੋਂ ਚਰਚ ਨੇੜਿਓਂ ਲੰਘਦੀ ਲਿੰਕ ਸੜਕ ਪਿਛਲੇ ਕਰੀਬ ਅੱਠ-ਦਸ ਮਹੀਨਿਆਂ ਤੋਂ ਅਧੂਰੀ ਪਈ ਹੋਣ ਕਾਰਨ ਇਲਾਕਾ ਵਾਸੀਆਂ ਲਈ ਸਹੂਲਤ ਦੀ ਬਜਾਏ ਮੁਸੀਬਤ ਬਣੀ ਹੋਈ ਹੈ। ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਕੇ ਪਹਿਲਾਂ ਇਸ ਦੀ ਕਟਾਈ ਕੀਤੀ ਗਈ ਅਤੇ ਮਿੱਟੀ ਤੇ ਮੋਟਾ ਬੱਜਰ ਪਾਇਆ ਗਿਆ, ਪਰ ਇਸ ਤੋਂ ਬਾਅਦ ਸੜਕ ਨੂੰ ਪੱਕਾ ਕਰਨ ਦਾ ਕੰਮ ਅੱਗੇ ਨਹੀਂ ਵਧ ਸਕਿਆ। ਲੋਕਾਂ ਦਾ ਕਹਿਣਾ ਹੈ ਕਿ ਵਿਕਾਸ ਦਾ ਪਹੀਆ ਬੱਜਰ ਪਾਉਣ ਤੋਂ ਬਾਅਦ ਹੀ ਰੁਕ ਗਿਆ।
ਜਾਣਕਾਰੀ ਅਨੁਸਾਰ ਪੰਜਾਬ ਮੰਡੀ ਬੋਰਡ ਦੇ ਸਬੰਧਤ ਅਧਿਕਾਰੀਆਂ ਦੀ ਦੇਖ-ਰੇਖ ਹੇਠ ਸੜਕ ਦਾ ਨਵੀਨੀਕਰਨ ਸ਼ੁਰੂ ਕੀਤਾ ਗਿਆ ਸੀ। ਇਲਾਕਾ ਵਾਸੀ ਗੁਰਨਾਮ ਸਿੰਘ, ਗੁਰਮੀਤ ਸਿੰਘ ਅਤੇ ਸੁਖਚੈਨ ਸਿੰਘ ਵੈਲਡਿੰਗ ਵਾਲੇ ਨੇ ਦੱਸਿਆ ਕਿ ਸੜਕ ਪੱਕੀ ਕਰਨ ਦੇ ਨਾਲ-ਨਾਲ ਬਰਸਾਤੀ ਅਤੇ ਘਰਾਂ ਦੇ ਪਾਣੀ ਦੀ ਨਿਕਾਸੀ ਲਈ ਵੀ ਕੋਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਗਿਆ। ਮੀਂਹ ਪੈਣ ’ਤੇ ਸੜਕ ਪਾਣੀ ਨਾਲ ਭਰ ਕੇ ਛੱਪੜ ਦਾ ਰੂਪ ਧਾਰ ਲੈਂਦੀ ਹੈ।
ਉਨ੍ਹਾਂ ਦੱਸਿਆ ਕਿ ਪਾਣੀ ਖੜ੍ਹਾ ਹੋਣ ਕਾਰਨ ਰਾਹਗੀਰਾਂ, ਬੱਚਿਆਂ, ਬਜ਼ੁਰਗਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਾਣੀ ਹੇਠਾਂ ਲੁਕੇ ਟੋਇਆਂ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਲੰਮੇ ਸਮੇਂ ਤੋਂ ਪਾਣੀ ਖੜ੍ਹਾ ਰਹਿਣ ਕਾਰਨ ਮੱਛਰਾਂ ਦੀ ਭਰਮਾਰ ਅਤੇ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ’ਤੇ ਪਾਇਆ ਬੱਜਰ ਅਤੇ ਮਿੱਟੀ ਵੀ ਧੱਸ ਰਹੀ ਹੈ।
ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸੜਕ ਦਾ ਕੰਮ ਤੁਰੰਤ ਮੁਕੰਮਲ ਕਰਵਾਉਣ ਦੇ ਨਾਲ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਜਟ ਅਤੇ ਟੈਂਡਰ ਜਾਰੀ ਹੋਣ ਦੇ ਬਾਵਜੂਦ ਕੰਮ ਅਧੂਰਾ ਛੱਡਣ ਦੇ ਕਾਰਨਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਇਸ ਸਬੰਧੀ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਫੋਨ ਨਹੀਂ ਚੁੱਕਿਆ। ਉਧਰ, ਐੱਸ.ਡੀ.ਐੱਮ. ਭਿੱਖੀਵਿੰਡ ਜਗਦੀਪ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਣ ’ਤੇ ਮਾਮਲੇ ਦੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਸੜਕ ਨੂੰ ਮੁਕੰਮਲ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇਗੀ।

