Development Projects: ਸਰਕਾਰ ਜੰਗੀ ਪੱਧਰ ’ਤੇ ਕਰਵਾ ਰਹੀ ਹੈ ਵਿਕਾਸ ਕਾਰਜ: ਮੋਹਿੰਦਰ ਭਗਤ
ਕੈਬਨਿਟ ਮੰਤਰੀ ਵੱਲੋਂ ਬਸਤੀ ਬਾਵਾ ਖੇਲ ਇਲਾਕੇ ਵਿੱਚ 53 ਲੱਖ ਤੋਂ ਵੱਧ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ
ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਬਸਤੀ ਬਾਵਾ ਖੇਲ ਇਲਾਕੇ ’ਚ 53.9 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ਵਿੱਚ 23.82 ਲੱਖ ਰੁਪਏ ਦੀ ਲਾਗਤ ਨਾਲ ਕਟਹਿਰਾ ਮੁਹੱਲਾ, ਬਸਤੀ ਬਾਵਾ ਖੇਲ ਦੇ ਸ਼ਮਸ਼ਾਨ ਘਾਟ ਦੇ ਨਵੀਨੀਕਰਨ ਦੇ ਕੰਮ, ਆਰੀਆ ਸਮਾਜ ਵੇਦ ਮੰਦਿਰ,ਧਰਮਸ਼ਾਲਾ, ਬਸਤੀ ਬਾਵਾ ਖੇਲ ਵਿੱਚ 15.10 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੀ ਉਸਾਰੀ ਅਤੇ ਰਾਜ ਨਗਰ ਦੇ ਰਾਮ ਲੀਲਾ ਗਰਾਊਂਡ ਵਿਖੇ 14.98 ਲੱਖ ਰੁਪਏ ਦੀ ਲਾਗਤ ਨਾਲ ਸਟੇਜ ਦਾ ਨਿਰਮਾਣ ਸ਼ਾਮਲ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸ੍ਰੀ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪ੍ਰਵਾਨਗੀ ਦੇ ਕੇ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੌਰਾਨ ਗੁਣਵੱਤਾ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀ ਵੀ ਮੌਜੂਦ ਸਨ।

