ਗੁਰਬਖਸ਼ਪੁਰੀ
ਤਰਨ ਤਾਰਨ, 24 ਸਤੰਬਰ
ਤਰਨ ਤਾਰਨ ਦੇ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਅੱਜ ਇਥੇ ਪਾਰਟੀ ਦੇ ਇੱਕ ਆਗੂ ਖ਼ਿਲਾਫ਼ ਸੜਕ ਕੰਢਿਓਂ ਦਰੱਖ਼ਤ ਵੱਢਣ ਦੇ ਦੋਸ਼ ਹੇਠ ਦਰਜ ਕੀਤਾ ਕੇਸ ਰੱਦ ਕਰਾਉਣ ਦੀ ਮੰਗ ਤਹਿਤ ਸਥਾਨਕ ਥਾਣਾ ਸਿਟੀ ਸਾਹਮਣੇ ਐੱਸਐੱਸਪੀ ਖ਼ਿਲਾਫ਼ ਧਰਨਾ ਦਿੱਤਾ। ਧਰਨੇ ਦੀ ਅਗਵਾਈ ਕਰਦਿਆਂ ਸ੍ਰੀ ਸੋਹਲ ਨੇ ਦਾਅਵਾ ਕੀਤਾ ਕਿ ਪਾਰਟੀ ਆਗੂ ਖ਼ਿਲਾਫ਼ ਦਰਜ ਕੀਤਾ ਗਿਆ ਉਕਤ ਕੇਸ ਝੂਠਾ ਤੇ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਨੂੰ ਇਸ ਕੇਸ ਵਿੱਚ ਜਬਰਦਰਤੀ ਫਸਾਉਣ ਵਾਲੇ ਅਧਿਕਾਰੀ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨਗੇ। ਜ਼ਿਕਰਯੋਗ ਹੈ ਕਰੀਬ ਇਕ ਹਫ਼ਤਾ ਪਹਿਲਾਂ ਥਾਣਾ ਸਿਟੀ ਵੱਲੋਂ ਸ਼ਹਿਰ ਦੇ ਇੱਕ ਵਾਰਡ ਦੇ ਇੰਚਾਰਜ ਹਰਪ੍ਰੀਤ ਸਿੰਘ ਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਦਰੱਖ਼ਤ ਵੱਢਣ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਹਰਪ੍ਰੀਤ ਸਿੰਘ ਨੂੰ ਗ ੍ਰਿਫ਼ਤਾਰ ਕੀਤਾ ਗਿਆ ਸੀ। ਸ੍ਰੀ ਸੋਹਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਆਗੂ ਖ਼ਿਲਾਫ਼ ਦਰਜ ਕੀਤਾ ਕੇਸ ਜਦੋਂ ਤੱਕ ਵਾਪਸ ਨਹੀਂ ਹੋ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸਥਾਨਕ ਐੱਸਐੱਸਪੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਸ ਦਾ ਤਬਾਦਲਾ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਡੀਐੱਸਪੀ ਨੇ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ, ਜਿਸ ਮਗਰੋਂ ਧਰਨਾ ਚੁੱਕ ਲਿਆ ਗਿਆ।