ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 2 ਮਈ
ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਤੇ ਆਲ ਇੰਡੀਆ ਕਿਸਾਨ ਸਭਾ ਦੀ ਅਗਵਾਈ ਹੇਠ ਐਕਸੀਅਨ ਦਫ਼ਤਰ ਨਹਿਰੀ ਦੇ ਦਫਤਰ ਮੂਹਰੇ ਧਰਨਾ ਲਾਇਆ ਗਿਆ। ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਤੇ ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਲਖਬੀਰ ਸਿੰਘ ਨਿਜ਼ਾਮਪੁਰਾ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਵੱਈਆ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਕਿਸਾਨ ਵਿਰੋਧੀ ਹੈ। ਹਨ। ਇਸ ਸਮੇਂ ਕਿਸਾਨ ਆਗੂਆਂ ਸਤਨਾਮ ਸਿੰਘ ਝੰਡੇਰ, ਬਲਦੇਵ ਸਿੰਘ ਸੈਦਪੁਰ, ਬਲਕਾਰ ਸਿੰਘ ਦੁਧਾਲਾ, ਅਵਤਾਰ ਸਿੰਘ ਜੱਸੜ,ਸੀਤਲ ਸਿੰਘ ਤਲਵੰਡੀ, ਸੁਖਦੇਵ ਸਿੰਘ ਸਹਿੰਸਰਾ,ਨਰੰਜਣ ਸਿੰਘ ਦਬੁਰਜੀ, ਬਲਵਿੰਦਰ ਸਿੰਘ ਪੰਜਗਰਾਈਂ, ਸੁਰਜੀਤ ਸਿੰਘ ਭੂਰੇਗਿੱਲ, ਯੁਧਵੀਰ ਸਿੰਘ ਸਰਜਾ, ਬੀਬੀ ਸੁਰਜੀਤ ਕੌਰ ਕੋਟਰਜਾਦਾ ਨੇ ਵੀ ਸੰਬੋਧਨ ਕੀਤਾ।
ਗੁਰਾਇਆ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਨੇ ਅੱਜ ਸਥਾਨਕ ਨਹਿਰੀ ਵਿਭਾਗ ਅੱਗੇ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੀ ਅਹਿਮੀਅਤ ਨੂੰ ਦੇਖਦਿਆਂ ਅਤੇ ਖੇਤੀ ਸੰਕਟ ਦੇ ਹੱਲ ਵਜੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤੇ ਜਾਣ ਦੀ ਨੀਤੀ ਨੂੰ ਤਰਜੀਹ ਦੇਣ ਦੇ ਬਾਵਜੂਦ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਟੇਲਾਂ ਤੱਕ ਢੁੱਕਵੀਂ ਵਿਵਸਥਾ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਹਿਰਾਂ ਨੂੰ ਫੌਰੀ ਚਾਲੂ ਕਰਕੇ ਨਹਿਰੀ ਪਾਣੀ ਦੀ ਵਿਵਸਥਾ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੰਤੋਖ ਸਿੰਘ ਸੰਧੂ, ਗੁਰਨਾਮ ਸਿੰਘ ਤੱਗੜ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂ ਜਸਬੀਰ ਸਿੰਘ ਸਹੋਤਾ ਤੇ ਤਰਸੇਮ ਸਿੰਘ ਢਿੱਲੋਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਵਿੰਦਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਕੁਲਦੀਪ ਫਿਲੌਰ, ਹਰਦੇਵ ਸਿੰਘ ਸੰਧੂ ਤੇ ਪਰਮਜੀਤ ਬੋਪਾਰਾਏ ਤੇ ਦਿਹਾਤੀ ਮਜ਼ਦੂਰ ਸਭਾ ਦੇ ਪਰਮਜੀਤ ਰੰਧਾਵਾ ਨੇ ਸੰਬੋਧਨ ਕੀਤਾ।
ਕਿਸਾਨ ਜਥੇਬੰਦੀ ਨੇ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ
ਤਾਰਨ ਤਾਰਨ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੀ ਬਲਾਕ ਗੰਡੀਵਿੰਡ ਇਕਾਈ ਵਲੋਂ ਕਿਸਾਨਾਂ ਦੀਆਂ ਮੰਗਾਂ ਦਾ ਇਕ ਮੰਗ ਪੱਤਰ ਅੱਜ ਪਾਵਰਕਾਮ ਦੇ ਉੱਪ ਮੰਡਲ ਸਰਾਏ ਅਮਾਨਤ ਖਾਂ ਦੇ ਐਸ ਡੀ ਓ ਜਗਤਾਰ ਸਿੰਘ ਨੂੰ ਸੌਂਪਿਆ| ਜਥੇਬੰਦੀ ਦੇ ਬਲਾਕ ਪ੍ਰਧਾਨ ਬਲਕਾਰ ਸਿੰਘ ਤੇ ਜਿਲ੍ਹਾ ਆਗੂ ਜਸਬੀਰ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਜਥੇਬੰਦੀ ਪੈਡੀ ਸੀਜਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਨਾਉਣ ਲਈ ਓਵਰਲੋਡ ਟਰਾਂਸਫਾਰਮਰ ਡੀ-ਲੋੜ ਕੀਤੇ ਜਾਣ, ਘਰੇਲੂ ਸਪਲਾਈ ਰੋਜ਼ਾਨਾ ਚੌਵੀ ਘੰਟੇ ਦੇਣ, ਸਾਰੇ ਖਪਤਕਾਰਾਂ ਨੂੰ ਬਿਜਲੀ ਦੇ 600 ਯੂਨਿਟ ਮੁਆਫ ਕਰਨ ਆਦਿ ਦੀ ਮੰਗ ਕਰਦੀ ਹੈ| ਜਥੇਬੰਦੀ ਦੇ ਵਫਦ ਵਿੱਚ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਦੋਦੇ, ਮੁਖਤਾਰ ਸਿੰਘ, ਲੱਖਾ ਸਿੰਘ, ਗੁਰਜੀਤ ਸਿੰਘ, ਕੈਪਟਨ ਸਿੰਘ ਹਾਜ਼ਰ ਸਨ|