ਜਸਬੀਰ ਸੱਗੂ
ਅੰਮ੍ਰਿਤਸਰ, 20 ਅਗਸਤ
ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ਾ ਮੁਆਫ਼ ਕਰਨ ਦੀ ਯੋਜਨਾ ਦੀ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸ਼ੁਰੂਆਤ ਹੋ ਗਈ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਦੀਆਂ 41 ਸੁਸਾਇਟੀਆਂ ਦੇ 1267 ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 1 ਕਰੋੜ 98 ਲੱਖ ਰੁਪੈ ਦੀ ਕਰਜ਼ਾ ਰਾਹਤ ਦਿੱਤੀ ਗਈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਪੜ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਬੇਜ਼ਮੀਨੇ ਕਿਸਾਨ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ ਰਾਹਤ ਦਿੱਤੀ ਗਈ ਹੈ। ਜਿਸ ਅਧੀਨ ਰਾਜ ਦੇ 2.85 ਲੱਖ ਕਿਸਾਨਾਂ ਨੂੰ ਇਸ ਦਾ ਲਾਭ ਮਿਲਿਆ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਰਚੁਅਲ ਸਮਾਗਮ ਵਿੱਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਇਸ ਸਕੀਮ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 41 ਸੁਸਾਇਟੀਆਂ ਦੇ 1267 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 1 ਕਰੋੜ 98 ਲੱਖ 39 ਹਜ਼ਾਰ ਰੁਪਏ ਦੀ ਰਾਹਤ ਮਿਲੀ ਹੈ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰ ਬੇਜ਼ਮੀਨੇ ਕਿਸਾਨ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਵੱਲੋਂ ਕੀਤੀ ਸ਼ੁਰੂਆਤ ਕਰਨ ਮਗਰੋਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਵਿਧਾਇਕ ਇੰਦੂ ਬਾਲਾ ਨੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਆਏ 15 ਲਾਭਪਾਤਰੀਆਂ ਨੂੰ ਉਨ੍ਹਾਂ ਦੀ ਕਰਜ਼ਾ ਮੁਆਫੀ ਦੇ ਚੈਕ ਸੌਂਪਦਿਆਂ ਕਿਹਾ ਕਿ ਜ਼ਿਲ੍ਹੇ ਦੇ ਕੁੱਲ 46468 ਲਾਭਪਾਤਰੀਆਂ ਨੂੰ ਆਉਂਦੇ ਦਿਨਾਂ ’ਚ ਕਰਜ਼ਾ ਰਾਹਤ ਦੇ ਚੈਕ ਸੌਂਪ ਦਿੱਤੇ ਜਾਣਗੇ। ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 46468 ਲਾਭਪਾਤਰੀਆਂ ਦਾ 103.91 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਹੋਵੇਗਾ ਜੋ ਪੰਜਾਬ ਵਿਚ ਸਭ ਤੋਂ ਵੱਧ ਰਕਮ ਹੈ। ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਚੈੱਕ ਸੌਂਪਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ਕਿਸਾਨ ਤੇ ਖੇਤ ਮਜ਼ਦੂਰ ਬੜੀ ਔਖੀ ਘੜੀ ’ਚੋਂ ਲੰਘ ਰਹੇ ਹਨ, ਪਰ ਪੰਜਾਬ ਸਰਕਾਰ ਨੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਬਹੁਤ ਵੱਡਾ ਉਪਰਾਲਾ ਕੀਤਾ ਹੈ ਜਿਸ ਨਾਲ ਇਨ੍ਹਾਂ ਪਰਿਵਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ।