ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ਜੰਡਿਆਲਾ ਗੁਰੂ, 25 ਅਪਰੈਲ
ਪੰਜਾਬ ਨੂੰ 2024 ਤੱਕ ਮਲੇਰੀਆ ਮੁਕਤ ਕੀਤਾ ਜਾਵੇਗਾ ਤੇ ਇਸ ਬਿਮਾਰੀ ਦੇ ਖਾਤਮੇ ਲਈ ਸਿਹਤ ਵਿਭਾਗ ਲਗਾਤਾਰ ਯਤਨ ਕਰ ਰਿਹਾ ਹੈ ਅਤੇ ਪਿਛਲੇ ਸਾਲ ਜ਼ਿਲ੍ਹੇ ਵਿੱਚ ਕੋਈ ਵੀ ਮਲੇਰੀਆ ਦਾ ਕੇਸ ਨਹੀਂ ਪਾਇਆ ਗਿਆ। ਇਹ ਪ੍ਰਗਟਾਵਾ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕਰਵਾਏ ਗਏ ਵਿਸ਼ਵ ਮਲੇਰੀਆ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿੱਚ ਇਕ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਿਨੇਟ ਮੰਤਰੀ ਹਰਭਜਨ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਮੁੱਖ ਤਰਜੀਹ ਸਿੱਖਿਆ ਅਤੇ ਸਿਹਤ ਹੈ। ਇਸ ਮੌਕੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਮਲੇਰੀਆ ਬਿਮਾਰੀ ਦੇ ਪਿਛੋਕੜ ਬਾਰੇ ਗੱਲ ਕਰਦੇ ਕਿਹਾ ਕਿ ਸਿਹਤ ਵਿਭਾਗ ਦੇ ਮਲੇਰੀਆ ਵਿੰਗ ਨੇ ਪੁਰਜ਼ੋਰ ਕੋਸ਼ਿਸ਼ ਕੀਤੀ ਹੈ ਕਿ ਅੰਮ੍ਰਿਤਸਰ ਸ਼ਹਿਰ ਨੂੰ ਮਲੇਰੀਆ ਮੁਕਤ ਰੱਖਿਆ ਜਾਵੇ।
ਇਸ ਮੌਕੇ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਨੇ ਪੇਟਿੰਗ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਇਨ੍ਹਾਂ ਤਸਵੀਰਾਂ ਦੀ ਪ੍ਰਦਰਸ਼ਨੀ ਰਾਹੀਂ ਲੋਕਾਂ ਨੂੰ ਮਲੇਰੀਆ ਬਾਰੇ ਜਾਗਰੂਕ ਕੀਤਾ। ਇਸ ਮੌਕੇ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ ਤੋਂ ਪਹੁੰਚੇ ਵਧੀਆ ਸੇਵਾਵਾਂ ਦੇਣ ਵਾਲੇ ਮਲਟੀ ਪਰਪ੍ਰਸ ਹੈਲਥ ਸੁਪਰਵਾਈਜ਼ਰ ਨੂੰ ਸਨਮਾਨ ਚਿੰਨ੍ਹ, ਬਲਾਕ ਮਾਨਾਂਵਾਲਾ ਦੇ ਸਮੂਹ ਮੇਲ ਹੈਲਥ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਪੇਟਿੰਗ ਮੁਕਾਬਲਿਆਂ ਦੌਰਾਨ ਪਹਿਲੇ, ਦੂਜੇ ਨੰਬਰ ’ਤੇ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਵੱਲੋਂ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਪਿੰਗਲਵਾੜਾ ਸੈਂਟਰ ਮਾਨਾਂਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ ਅਤੇ ਰਾਇਲ ਇੰਸਟੀਟਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਪੇਟਿੰਗ ਮੁਕਾਬਲਿਆਂ ਵਿਚ ਭਾਗ ਲਿਆ, ਜਿਸ ਵਿੱਚ ਅੰਜਲੀ, ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਪਿੰਗਲਵਾੜਾ ਸੈਂਟਰ ਮਾਨਾਂਵਾਲਾ ਨੇ ਪਹਿਲਾ ਸਥਾਨ, ਕਿਰਨਜੀਤ ਕੌਰ ਰਾਇਲ ਕਾਲਜ ਆਫ ਨਰਸਿੰਗ, ਧਾਰੜ ਨੇ ਦੂਸਰਾ ਸਥਾਨ ਅਤੇ ਸ਼ਾਲੂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ ਨੇ ਤੀਸਰਾ ਸਥਾਨ ਹਾਸਲ ਕੀਤਾ।
ਸ਼ਾਹਕੋਟ (ਪੱਤਰ ਪ੍ਰੇਰਕ): ਇੱਥੋਂ ਦੇ ਸੀਐੱਚਸੀ ਸਣੇ 28 ਸਿਹਤ ਕੇਂਦਰਾਂ ਵਿੱਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਐੱਸਐੱਮਓ ਡਾ ਅਮਰਦੀਪ ਸਿੰਘ ਦੁੱਗਲ ਨੇ ਲੋਕਾਂ ਨੂੰ ਮਲੇਰੀਏ ਤੋਂ ਬਚਣ ਲਈ ਘਰਾਂ ਤੇ ਆਸ-ਪਾਸ ਦੀ ਸਫ਼ਾਈ ਰੱਖਣ ਅਤੇ ਪਾਣੀ ਇਕੱਠਾ ਨਾ ਹੋਣ ਦੇਣ ਲਈ ਪ੍ਰੇਰਿਆ।
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿੱਚ ਅੰਮ੍ਰਿਤ ਮਹਾਂ ਉਤਸਵ ਸਿਹਤ ਮੇਲਾ-2022 ਅਤੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਐਲੋਪੈਥਿਕ, ਹੋਮਿਓਪੈਥਿਕ, ਆਯੂਰਵੈਦਿਕ ਅਤੇ ਡੈਂਟਲ ਵਿਭਾਗ ਦੇ ਮਾਹਿਰ ਡਾਕਟਰ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ।
ਮਲੇਰੀਆ ਨਾਲ ਸਬੰਧਤ ਜਾਗਰੂਕਤਾ ਪੋਸਟਰ ਜਾਰੀ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਰਿਆਤ-ਬਾਹਰਾ ਇੰਸਟੀਚਿਊਟ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਮਲੇਰੀਆ ਨਾਲ ਸਬੰਧਤ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਸਮੇਂ-ਸਮੇਂ ’ਤੇ ਜਾਗਰੂਕਤਾ ਅਭਿਆਨ ਚਲਾ ਕੇ ਮਲੇਰੀਆ, ਡੇਂਗੂ ਚਿਕਨਗੂਨੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਦੇਸ਼ ਭਗਤ ਟੈਕਨੀਕਲ ਕਾਲਜ ਵਿਚ 22ਵੀਂ ਸਲਾਨਾ ਕਨਵੋਕੇਸ਼ਨ ਵਿੱਚ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਟੈਕਨੀਕਲ ਕੋਰਸ ਕਰਨ ਵਾਲੇ 200 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਦਿਆਂ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ।