ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਜੁਲਾਈ
ਇਥੋਂ ਦੇ ਈ.ਐੱਸ.ਆਈ. ਹਸਪਤਾਲ ਵਿੱਚ ਅੱਜ ਜਿਥੇ ਪੀ.ਸੀ.ਐੱਮ.ਐੱਸ. ਦੇ ਸੱਦੇ ’ਤੇ ਡਾਕਟਰਾਂ ਤੇ ਹੋਰਨਾਂ ਦੀ ਹੜਤਾਲ 12ਵੇਂ ਦਿਨ ਵਿੱਚ ਦਾਖਲ ਹੋ ਗਈ, ਉੱਥੇ ਹੀ ਈ.ਐੱਸ.ਆਈ. ਐਂਪਲਾਈਜ਼ ਫੈਡਰੇਸ਼ਨ ਦੇ ਸਮੂਹ ਮੁਲਾਜ਼ਮਾਂ ਨੇ ਸੰਸਥਾ ਦਾ ਪੂਰਾ ਕੰਮਕਾਜ ਠੱਪ ਰੱਖਿਆ ਅਤੇ ਹਸਪਤਾਲ ਦੇ ਬਾਹਰ ਰੋਸ ਧਰਨਾ ਦਿੱਤਾ। ਇਸ ਮੌਕੇ ਹੁਸ਼ਿਆਰਪੁਰ ਵਿੱਚ ਛੇਵੇਂ ਪੇਅ ਕਮਿਸ਼ਨਰ ਦੀਆਂ ਸਿਫਾਰਸ਼ਾਂ ਖਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕਰਦੇ ਮੁਲਾਜ਼ਮਾਂ ’ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਕਿਹਾ ਕਿ ਸਰਕਾਰ ਦੇ ਇਸ ਵਤੀਰੇ ਨੇ ਉਸ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਚੇਅਰਮੈਨ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਡਾਕਟਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਨਰਲ ਸਕੱਤਰ ਬਲਦੇਵ ਸਿੰਘ ਝੰਡੇਰ ਨੇ ਵੀ ਸੰਬੋਧਨ ਕੀਤਾ।
ਪਠਾਨਕੋਟ (ਐੱਨ.ਪੀ. ਧਵਨ): ਛੇਵੇਂ ਤਨਖਾਹ ਕਮਿਸ਼ਨ ਦੇ ਵਿਰੋਧ ਵਿੱਚ ਡਾਕਟਰਾਂ ਨੇ ਸਰਕਾਰੀ ਓਪੀਡੀ ਬੰਦ ਕਰਕੇ ਟੈਂਟ ਵਿੱਚ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਆਪਣੇ ਨਿੱਜੀ ਫੰਡ ਵਿੱਚੋਂ ਦਵਾਈਆਂ ਦਿੱਤੀਆਂ।
ਇਸ ਮੌਕੇ ਡਾ. ਮਧੁਰ ਮੱਟੂ, ਡਾ. ਸੁਨੀਲ ਚੰਦ, ਡਾ. ਵਿਸ਼ਵ ਬੰਧੂ, ਡਾ. ਸ਼ੈਰੀਅਨ, ਡਾ. ਪੁਨੀਤ ਗਿੱਲ, ਡਾ. ਅਭੈ ਗਰਗ, ਡਾ. ਸਾਕਸ਼ੀ ਆਦਿ ਹਾਜ਼ਰ ਸਨ। ਪੀਸੀਐੱਮਐੱਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਮਧੁਰ ਮੱਟੂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਜਾਂਦੀਆਂ ਉਦੋਂ ਹੜਤਾਲ ਜਾਰੀ ਰਹੇਗੀ। ਇਸ ਦੌਰਾਨ ਉਨ੍ਹਾਂ ਸਰਕਾਰ ’ਤੇ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾਉਣ ਦਾ ਵੀ ਦੋਸ਼ ਲਾਇਆ।