ਪੱਤਰ ਪ੍ਰੇਰਕ
ਤਰਨ ਤਾਰਨ, 19 ਅਗਸਤ
ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਖੁੱਲ੍ਹੇਆਮ ਵਿਕਰੀ ਲਈ ਪੁਲੀਸ ਖਿਲਾਫ਼ ਮੋਰਚਾ ਖੋਲ੍ਹਦਿਆਂ ਇਹ ਮਾਮਲਾ ਮੁੱਖ ਮੰਤਰੀ ਤੱਕ ਲਿਜਾਣ ਦੀ ਚਿਤਾਵਨੀ ਦਿੱਤੀ ਹੈ| ਉਨ੍ਹਾਂ ਨਸ਼ਿਆਂ ਦੀ ਵਿਕਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਸਬੰਧੀ ਕਾਰਵਾਈ ਲਈ ਪੁਲੀਸ ਨੂੰ ਹਦਾਇਤਾਂ ਵੀ ਕੀਤੀਆਂ|
ਦੱਸਣਯੋਗ ਹੈ ਕਿ ਵਿਧਾਇਕ ਡਾ. ਸੋਹਲ ਦੇ ਦਫਤਰ ’ਚ ਵੀਰਵਾਰ ਨੂੰ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਨੇ ਲਾਈਵ ਹੁੰਦਿਆਂ ਇੱਕ ਨਸ਼ੇੜੀ ਨੂੰ ਨਸ਼ੀਲਾ ਦਾ ਟੀਕਾ ਲਾਉਂਦਿਆਂ ਦਿਖਾਇਆ ਸੀ ਅਤੇ 500 ਰੁਪਏ ਵਿੱਚ ਖਰੀਦੀ ਚਿੱਟੇ (ਹੈਰੋਇਨ) ਦੀ ਪੁੜੀ ਵੀ ਵਿਧਾਇਕ ਨੂੰ ਨਸ਼ਿਆਂ ਦੀ ਸ਼ਰ੍ਹੇਆਮ ਵਿਕਰੀ ਹੋਣ ਦੇ ਸਬੂਤ ਵਜੋਂ ਪੇਸ਼ ਕੀਤੀ ਸੀ| ਇਸ ਤੋਂ ਖ਼ਫ਼ਾ ਹੋਏ ਵਿਧਾਇਕ ਸੋਹਲ ਨੇ ਅੱਜ ਇਥੇ ਜਾਰੀ ਬਿਆਨ ਵਿੱਚ ਕਿਹਾ ਉਹ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਧਿਆਨ ਵਿੱਚ ਲਿਆਉਣਗੇ।
ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਿੱਤਾ ਹੈ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸੰਭਵ ਯਤਨ ਕਰਨਗੇ। ਇਸ ਦੌਰਾਨ ਜ਼ਿਲ੍ਹੇ ਦੇ ਇਕ ਹੋਰ ਵਿਧਾਇਕ ਦੇ ਪਰਿਵਾਰ ਦੇ ਕਈ ਮੈਂਬਰਾਂ ਖਿਲਾਫ਼ ਐੱਨਡੀਪੀਐੱਸ ਐਕਟ ਆਦਿ ਤਹਿਤ ਦਰਜ ਹੋਏ ਕੇਸਾਂ ਦੀ ਵੀ ਸੋਸ਼ਲ ਮੀਡੀਆ ’ਤੇ ਚਰਚਾ ਹੈ|