ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਅਪਰਾਧੀਆਂ ਦੀ ਗੈਰ-ਕਾਨੂੰਨੀ ਤੌਰ ’ਤੇ ਪ੍ਰਾਪਤ ਕੀਤੀ ਜਾਇਦਾਦ ਨੂੰ ਢਾਹਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਦੀ ਕਮਿਸ਼ਨਰੇਟ ਪੁਲਿਸ ਨਾਲ ਤਾਲਮੇਲ ਕਰਕੇ ਇਹ ਘਰ ਨੂੰ ਢਾਹੁਣ ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਜਿਸ ਵਿੱਚ ਉਸ ਦੇ ਦੋ ਪੁੱਤਰ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਗੁਰਪ੍ਰਤਾਪ ਸਿੰਘ ਅਤੇ ਨੂੰਹ ਸ਼ਾਮਲ ਹਨ, ਐੱਨ ਡੀ ਪੀ ਐੱਸ ਐਕਟ ਦੇ ਤਹਿਤ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ, ਜੋ ਇਸ ਸਮੇਂ ਜ਼ਮਾਨਤ ’ਤੇ ਹੈ, ਪੰਜ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਵਿੱਚ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ 21, 27-ਏ, ਅਤੇ 85 ਅਧੀਨ ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਸ਼ਾਮਲ ਹੈ। ਇਸੇ ਤਰ੍ਹਾਂ ਹਰਪ੍ਰੀਤ ਸਿੰਘ, ਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ, ਦੇ ਖ਼ਿਲਾਫ਼ ਸੱਤ ਐੱਫ ਆਈ ਆਰਜ਼ ਦਰਜ ਕੀਤੀਆਂ ਹਨ। ਗੁਰਪ੍ਰਤਾਪ ਸਿੰਘ, ਜੋ ਜੇਲ੍ਹ ਵਿੱਚ ਹੈ, ਕਥਿਤ ਤੌਰ ’ਤੇ ਹੈਰੋਇਨ ਅਤੇ ਨਕਦੀ ਬਰਾਮਦਗੀ ਦੇ ਦੋ ਐੱਨ ਡੀ ਪੀ ਐੱਸ ਮਾਮਲਿਆਂ ਵਿੱਚ ਸ਼ਾਮਲ ਸੀ ਜਦੋਂ ਕਿ ਹਰਪ੍ਰੀਤ ਦੀ ਪਤਨੀ ਨੂੰ ਸਤੰਬਰ 2025 ਵਿੱਚ 260 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ।
