ਪੰਜਾਬ ਵਿੱਚ ਨਸ਼ੇ ਤਤਕਾਲੀ ਸਰਕਾਰਾਂ ਦੀ ਦੇਣ: ਸਿਸੋਦੀਆ
ਦਲਬੀਰ ਸੱਖੋਵਾਲੀਆ
ਬਟਾਲਾ, 29 ਜੂਨ
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਤਤਕਾਲੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀਆਂ ਸਰਕਾਰ ਨੇ ਪੰਜਾਬ ਨੂੰ ਤਬਾਹੀ ਵੱਲ ਧੱਕਿਆ ਹੈ ਅਤੇ ਲੋਕਾਂ ਨੂੰ ਸਿਰਫ਼ ਗੁਮਰਾਹ ਕਰਨ ਆਪਣੇ ਬੋਝੇ ਭਰੇ ਹਨ। ਮਨੀਸ਼ ਸਿਸੋਦੀਆ ਅੱਜ ਇੱਥੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦੇ ਤਾਜਪੋਸ਼ੀ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ 2027 ਵਿੱਚ ਫਿਰ ਤੋਂ ਪੰਜਾਬ ’ਚ ‘ਆਪ’ ਸਰਕਾਰ ਬਣਾਉਣ ਦੀ ਭਵਿੱਖਬਾਣੀ ਕੀਤੀ। ਉਨ੍ਹਾਂ ਕਿਹਾ ਕਿ 2026 ਦੇ ਅੰਤ ਤੱਕ ਪੰਜਾਬ ਦੀ ਤਸਵੀਰ ਪੂਰੀ ਤਰ੍ਹਾ ਬਦਲ ਕੇ ਰੱਖ ਦਿੱਤੀ ਜਾਵੇਗੀ। ਲੋਕਾਂ ਨੂੰ ਆਰਿਥਕ ਪੱਖੋਂ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਮੌਜੂਦ ਸਨ। ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਦੀ ਦੇਣ ਹੈ। ਜਦੋਂ ਕਿ ‘ਆਪ’ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ, ਜੋ ਸਰਕਾਰ ਇਸ ਮਿਸ਼ਨ ਵਿੱਚ ਸਫ਼ਲ ਹੋਵੇਗੀ।
ਮਨੀਸ਼ ਸਿਸੋਦੀਆ ਨੇ ਕਿਹਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੇਹਤਰੀ ਸਹੂਲਤਾਂ ਪ੍ਰਦਾਨ ਕਰਨੀਆਂ ਹਨ। ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਕਿਊਂਕਿ ਪਾਰਟੀ ਦੇ ਵਰਕਰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਚੰਗੀ ਤਰ੍ਹਾਂ ਜਾਣੂ ਕਰਵਾ ਰਹੇ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ’ਚ ਹੁਣ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਕੋਈ ਵਜੂਦ ਨਹੀਂ ਰਿਹਾ। ਪੰਜਾਬ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਕੇ ਪਹਿਲਾਂ ਸੋਨੇ ਦੀ ਚਿੜੀ ਬਣਾਇਆ ਜਾਵੇ ਤਾਂ ਜੋ ਪੰਜਾਬ ਦਾ ਹਰ ਵਾਸੀ ਸੂਬਾ ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਖੁਸ਼ ਹੋਵੇ। ‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਗੂਆਂ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਤਗੜੇ ਹੋ ਕੇ ਕੰਮ ਕਰਨ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਅਮਰਪਾਲ ਸਿੰਘ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਜ਼ਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਵਿਧਾਇਕ ਸਰਵਨ ਸਿੰਘ ਧੁੰਨ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਭਾਰਤ ਭੂਸ਼ਨ ਵਰਮਾ ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਆਦਿ ਹਾਜ਼ਰ ਸਨ।