ਗੁਰਬਖਸ਼ਪੁਰੀ
ਤਰਨ ਤਾਰਨ, 16 ਅਪਰੈਲ
ਇਥੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਸਿੱਧੂ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਇਕ ਮੀਟਿੰਗ ਕਰਕੇ ਭ੍ਰਿਸ਼ਟਾਚਰ ਅਤੇ ਨਸ਼ਿਆਂ ਦੀ ਰੋਕਥਾਮ ਕਰਨ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਉਣ ’ਤੇ ਜ਼ੋਰ ਦਿੱਤਾ| ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਲੁੱਟਾਂ-ਖੋਹਾਂ ’ਤੇ ਕਾਬੂ ਪਾਉਣ ਲਈ ਵਿਸ਼ੇਸ਼ ਹਦਾਇਤਾਂ ਕੀਤੀਆਂ ਗਈਆਂ ਹਨ। ਵਿਧਾਇਕਾਂ ਨੇ ਇਸ ਕੰਮ ਲਈ ਜਨਤਾ ਕੋਲੋਂ ਵੀ ਸਹਿਯੋਗ ਦੀ ਵੀ ਮੰਗ ਕੀਤੀ ਹੈ।ਆਮ ਆਦਮੀ ਪਾਰਟੀ (ਆਪ) ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਧੁੰਨਾ ਨੇ ਨਸ਼ਿਆਂ ਦੇ ਸੌਦਾਗਰਾਂ ਨਾਲ ਨਿਪਟਣ ਵਿੱਚ ਜਿਲ੍ਹਾ ਪੁਲੀਸ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਉਠਾਏ ਹਨ| ਇਸ ਸਬੰਧੀ ਧੁੰਨਾ ਨੇ ਅੱਜ ਇਥੇ ਤਿੱਖੀ ਸ਼ਬਦਾਵਲੀ ਵਾਲੇ ਬਿਆਨ ਵਿੱਚ ਜ਼ਿਲ੍ਹੇ ਅੰਦਰ ਥਾਂ-ਥਾਂ ਗਲੀਆਂ-ਮੁਹੱਲਿਆਂ ਵਿੱਚ ਸ਼ਰੇਆਮ ਨਸ਼ਿਆਂ ਦੀ ਵਿਕਰੀ ਹੋਣ ਦਾ ਦੋਸ਼ ਲਗਾਉਂਦਿਆਂ ਇਸ ਕਾਰੋਬਾਰ ਵਿੱਚ ਨਸ਼ਿਆਂ ਦੇ ਸੌਦਾਗਰਾਂ ਨਾਲ ਪੁਲੀਸ ਦੀ ਮਿਲੀਭੁਗਤ ਹੋਣ ਦਾ ਵੀ ਦੋਸ਼ ਲਗਾਇਆ ਹੈ| ਹਰਪ੍ਰੀਤ ਸਿੰਘ ਨੇ ਇਸ ਕੰਮ ਵਿੱਚ ਪੁਲੀਸ ਦੀ ਵੀ ਮਿਲੀਭੁਗਤ ਹੋਣ ਦਾ ਦੋਸ਼ ਲਗਾਇਆ ਹੈ| ਇਸ ਸਬੰਧੀ ਐੱਸਐੱਸਪੀ ਰਣਜੀਤ ਸਿੰਘ ਢਿਲੋਂ ਵੱਲੋਂ ਸੰਪਰਕ ਕਰਨ ਤੇ ਕੋਈ ਜਵਾਬ ਨਹੀਂ ਦਿੱਤਾ ਗਿਆ|