ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਫਰਵਰੀ
ਭਾਜਪਾ ਦੇ ਰਾਜ ਸਭਾ ਮੈਂਬਰ ਦੁਸ਼ਯੰਤ ਗੌਤਮ ਜਿਨ੍ਹਾਂ ਨੂੰ ਪੰਜਾਬ ਭਾਜਪਾ ਮਾਮਲਿਆਂ ਦਾ ਇੰਚਾਰਜ ਬਣਾਇਆ ਗਿਆ ਹੈ, ਨੇ ਇਹ ਜ਼ਿੰਮੇਵਾਰੀ ਸਾਂਭਣ ਮਗਰੋਂ ਪਹਿਲੀ ਵਾਰ ਸ਼ਹਿਰ ਦਾ ਦੌਰਾ ਕੀਤਾ ਅਤੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਹ ਬੀਤੀ ਸ਼ਾਮ ਇਥੇ ਪੁੱਜੇ ਸਨ। ਉਨ੍ਹਾਂ ਨਾਲ ਭਾਜਪਾ ਦੇ ਸੰਗਠਿਤ ਸਕੱਤਰ ਦਿਨੇਸ਼ ਕੁਮਾਰ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਹਾਜ਼ਰ ਸਨ । ਉਨ੍ਹਾਂ ਇਥੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਉਹ ਦੁਰਗਿਆਣਾ ਮੰਦਿਰ ਵੀ ਗਏ ਅਤੇ ਬਾਅਦ ਵਿਚ ਰਾਮ ਤੀਰਥ ਮੰਦਿਰ ਵਿੱਚ ਮੱਥਾ ਟੇਕਿਆ। ਉਨ੍ਹਾਂ ਭਾਜਪਾ ਆਗੂਆਂ ਨਾਲ ਇਕ ਗੈਰ ਰਸਮੀ ਮੀਟਿੰਗ ਵੀ ਕੀਤੀ, ਜਿਸ ਵਿਚ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਫੁਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਸ੍ਰੀ ਦੁਸ਼ਯੰਤ ਗੌਤਮ ਇਕ ਸੁਲਝੇ ਹੋਏ ਸਿਆਸਤਦਾਨ ਹਨ , ਜਿਨ੍ਹਾਂ ਦੀ ਨਿਗਰਾਨੀ ਹੇਠ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਰਕੇਸ਼ ਗਿੱਲ, ਰਜੇਸ਼ ਹਨੀ, ਰੀਨਾ ਜੇਤਲੀ, ਬਖਸ਼ੀ ਰਾਮ ਅਰੋੜਾ ਹਾਜ਼ਰ ਸਨ।