ਧਾਰੀਵਾਲ (ਪੱਤਰ ਪ੍ਰੇਰਕ): ਧਰਮ ਪ੍ਰਚਾਰਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਸਾਕਾ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਉਣ ਸਬੰਧੀ ਗੁਰੂ ਅਰਜਨ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਧਾਰਮਿਕ ਆਗੂਆਂ ਤੇ ਸ਼ਖ਼ਸੀਅਤਾਂ ਨੇ ਸ਼ਮਲ ਹੋਈਆਂ। ਮੀਟਿੰਗ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਕਾਰਜਕਾਰੀ ਕਮੇਟੀ ਮੈਂਬਰ ਐੱਸਜੀਪੀਸੀ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਐੱਸਜੀਪੀਸੀ, ਬੀਬੀ ਜਸਬੀਰ ਕੌਰ ਜ਼ਫਰਵਾਲ ਮੈਂਬਰ ਐੱਸਜੀਪੀਸੀ ਤੇ ਜਗਦੇਵ ਸਿੰਘ ਹੈੱਡ ਪ੍ਰਚਾਰਕ ਐੱਸਜੀਪੀਸੀ ਨੇ ਸੰਬੋਧਨ ਕਰਦਿਆਂ 25, 26 ਤੇ 27 ਅਕਤੂਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੀਆਂ ਸਿੱਖ ਸੰਗਤਾਂ ਦੀ ਸ਼ਮੂਲੀਅਤ ਸਬੰਧੀ ਵਿਚਾਰਾਂ ਕੀਤੀਆਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ। ਮੀਟਿੰਗ ’ਚ ਹਾਜ਼ਰ ਸਭਾਵਾਂ, ਸੁਸਾਇਟੀਆਂ ਅਤੇ ਸਮੂਹ ਜਥੇਬੰਦੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਸਮੇਤ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।