ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਜ਼ਫਰਵਾਲ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 14 ਜੂਨ
ਭਾਰਤੀ ਕਿਸਾਨ ਯੂਨੀਅਨ ਮਾਝਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਰਜਿੰਦਰ ਸਿੰਘ ਜ਼ਫਰਵਾਲ ਨੇ ਮੁਕਤਸਰ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਸਿੱਖ ਨੌਜਵਾਨ ਹੁਣ ਆਪਣੇ ਹੀ ਘਰ ਵਿੱਚ ਸਰੁੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਪੰਜਾਬ ਦਾ ਮਾਹੌਲ ਖਰਾਬ ਕਰਨ ਅਜਿਹੀਆਂ ਮੰਦਭਾਗੀਆਂ ਘਟਨਾਂਵਾਂ ਨੂੰ ਲੈ ਕੇ ਸਿੱਖਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ, ‘ਅਸੀਂ ਪੰਜਾਬ ਦੇ ਲੋਕਾਂ ਨੂੰ ਅਮਨ ਸਾਂਤੀ ਅਤੇ ਭਾਈਚਾਰਕ ਮਾਹੌਲ ਵਿੱਚ ਦੇਖਣਾ ਚਾਹੁੰਦੇ ਹਾਂ, ਜੇ ਸਾਡੇ ਨੌਜਵਾਨਾਂ ਨੂੰ ਇਸੇ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਫਿਰ ਅਸੀਂ ਕੋਈ ਸਖਤ ਕਦਮ ਚੁੱਕਣ ਲਈ ਮਜਬੂਰ ਹੋਵਾਂਗੇ।’ ਪ੍ਰਧਾਨ ਰਜਿੰਦਰ ਸਿੰਘ ਜ਼ਫਰਵਾਲ ਨੇ ਕਿਹਾ ਪੰਜਾਬ ਸਰਕਾਰ ਅਜਿਹੇ ਮਾਮਲਿਆਂ ਸੰਬਧੀ ਗੰਭੀਰ ਹੋਵੇ। ਉਨ੍ਹਾਂ ਕਿਹਾ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਬੋਲਬਾਲਾ ਹੈ, ਗੁੰਡਾਗਰਦੀ ਕਰਨ ਵਾਲੇ ਲੋਕਾਂ ਨੂੰ ਕਿਸੇ ਦਾ ਡਰ ਨਹੀਂ ਹੈ, ਚੋਰਾਂ ਦੇ ਹੌਂਸਲੇ ਬੁਲੰਦ ਹਨ। ਇਹਨਾਂ ਨੂੰ ਨੱਥ ਪਾਉਣ ਦੀ ਬਜਾਏ ਬੇਕਸੂਰ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਭਾਈ ਦਲਜੀਤ ਸਿੰਘ ਸਿੱਧਵਾਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਾਝਾ, ਭਾਈ ਬਲਵਿੰਦਰ ਸਿੰਘ ਸਿੱਧਵਾਂ ਸੂਬਾ ਸਕੱਤਰ, ਭਾਈ ਹਰਵਿੰਦਰ ਸਿੰਘ ਘੁੰਮਣ ਸੀਨੀਅਰ ਮੀਤ ਪ੍ਰਧਾਨ, ਕਾਬਲ ਸਿੰਘ ਐਮ ਡੀ ਆਦਿ ਆਗੂਆਂ ਨੇ ਉੱਕਤ ਘਟਨਾ ਦੀ ਨਿੰਦਾ ਕੀਤੀ।