ਅੰਮ੍ਰਿਤਸਰ ਦੀ ਸਫ਼ਾਈ ਵਿਵਸਥਾ ਬਿਹਤਰ ਬਣਾਉਣ ’ਤੇ ਜ਼ੋਰ
ਸੰਸਦ ਮੈਂਬਰ ਗੁਰਜੀਤ ਸਿੰਘ ਅੌਜਲਾ ਦੀ ਪ੍ਰਧਾਨਗੀ ਹੇਠ ‘ਦਿਸ਼ਾ’ ਕਮੇਟੀ ਦੀ ਮੀਟਿੰਗ
ਲੋਕ ਸਭਾ ਮੈਂਬਰ ਅਤੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਬੱਚਤ ਭਵਨ ਵਿੱਚ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਹੋਈ।
ਸ੍ਰੀ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ, ਇਸ ਲਈ ਸ਼ਹਿਰ ਦੀ ਸਫ਼ਾਈ ਵਿਵਸਥਾ ਹੋਰ ਬਿਹਤਰ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਝੁਗੀਆਂ ਵਾਲਿਆਂ ਵੱਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ। ਉਨ੍ਹਾਂ ਸ਼ਹਿਰ ਵਿੱਚ ਮਿਲਾਵਟੀ ਦੁੱਧ, ਪਨੀਰ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਵਿਕਰੀ ’ਤੇ ਚਿੰਤਾ ਜ਼ਾਹਰ ਕਰਦਿਆਂ ਸਿਹਤ ਵਿਭਾਗ ਤੇ ਖੁਰਾਕ ਸੁਰੱਖਿਆ ਨਾਲ ਸਬੰਧਿਤ ਅਧਿਕਾਰੀਆਂ ਨੂੰ ਮਿਲਾਵਟਖੋਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਔਜਲਾ ਨੇ ਪੀ ਡਬਲਿਊ ਡੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸਾਰੇ ਮੁੱਖ ਚੌਕਾਂ ਅਤੇ ਸੜਕਾਂ ’ਤੇ ਦਿਸ਼ਾ-ਸੂਚਕ ਬੋਰਡ ਲਗਾਏ ਜਾਣ। ਜਿੱਥੇ ਵੀ ਸੜਕਾਂ ਦੀ ਮੁਰੰਮਤ ਜਾਂ ਨਿਰਮਾਣ ਦਾ ਕੰਮ ਚੱਲ ਰਿਹਾ ਹੋਵੇ, ਉੱਥੇ ਘੱਟੋ-ਘੱਟ 500 ਮੀਟਰ ਪਹਿਲਾਂ ਚਿਤਾਵਨੀ ਬੋਰਡ ਲਗਾਉਣਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਲਾਪਰਵਾਹੀ ਕਾਰਨ ਕੋਈ ਹਾਦਸਾ ਵਾਪਰਦਾ ਹੈ ਤਾਂ ਸਬੰਧਤ ਅਧਿਕਾਰੀ ਅਤੇ ਠੇਕੇਦਾਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਿਊ ਅੰਮ੍ਰਿਤਸਰ, ਵੱਲਾ ਬਾਈਪਾਸ ਪੁਲ ਸਮੇਤ ਹੋਰ ਹੋਰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਮੀਟਿੰਗ ਵਿੱਚ ਤੁੰਗ ਢਾਬ ਡਰੇਨ, ਕੂੜਾ ਪ੍ਰਬੰਧਨ, ਨਾਜਾਇਜ਼ ਕਬਜ਼ੇ, ਟ੍ਰੈਫਿਕ ਜਾਮ, ਫਤਿਹਗੜ੍ਹ ਚੂੜੀਆਂ ਰੋਡ, ਮਜੀਠਾ ਰੋਡ, ਲੋਹਾਰਕਾ ਰੋਡ, ਰਿੰਗ ਰੋਡ, ਐਲੀਵੇਟਿਡ ਰੋਡ, ਨੈਸ਼ਨਲ ਹਾਈਵੇ ਪ੍ਰੋਜੈਕਟਾਂ ਅਤੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਅਤੇ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਨਗਰ ਨਿਗਮ ਦੇ ਕਮਿਸ਼ਨਰ, ਡੀ ਸੀ ਪੀ ਸਮੇਤ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
