ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਤੋਂ ਫੀਸ ਨਾ ਲੈਣ ’ਤੇ ਜ਼ੋਰ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਗੂਆਂ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਜ਼ਿਲ੍ਹਾ ਪ੍ਰਸਾਸਨ ਤੋਂ ਮੰਗ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਦੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਫੀਸ ਅਤੇ ਹੋਰ ਕਿਸੇ ਵੀ ਤਰ੍ਹਾਂ ਦੀ ਫੀਸ ਨਾ ਲਈ ਜਾਵੇ। ਅਧਿਆਪਕ ਆਗੂਆਂ ਕੁਲਦੀਪ ਪੁਰੋਵਾਲ, ਦਿਲਦਾਰ ਭੰਡਾਲ, ਅਨਿਲ ਕੁਮਾਰ ਲਹੌਰੀਆ, ਗੁਰਮੀਤ ਸਿੰਘ ਬਾਜਵਾ, ਸਲਵਿੰਦਰ ਕੁਮਾਰ, ਪਲਵਿੰਦਰ ਸਿੰਘ ਅਤੇ ਦਿਲਜੀਤ ਰਾਜ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਬਹੁਤੇ ਵਿਦਿਆਰਥੀ ਗਰੀਬ ਘਰਾਂ ਦੇ ਹੋਣ ਕਾਰਨ ਵਿਦਿਆਰਥੀਆਂ ਦੇ ਮਾਪੇ ਫੀਸ ਦੇਣ ਤੋਂ ਅਸਮਰੱਥ ਹਨ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਅਤੇ ਭਾਰੀ ਬਰਸਾਤ ਕਾਰਨ ਸਕੂਲਾਂ ਦੀਆਂ ਇਮਾਰਤਾਂ ਦਾ ਸਰਵੇ ਕਰਨ ਜ਼ਿੰਮੇਵਾਰੀ ਅਧਿਆਪਕਾਂ ’ਤੇ ਪਾਉਣ ਦੀ ਬਜਾਏ ਸਰਕਾਰ ਖੁਦ ਲੋਕ ਨਿਰਮਾਣ ਵਿਭਾਗ ਦੇ ਇੰਜਨੀਅਰਾਂ ਰਾਹੀਂ ਕਰਵਾਏ। ਆਗੂਆਂ ਦੱਸਿਆ ਕਿ ਕੁੱਝ ਸਕੂਲਾਂ ਦੀਆਂ ਇਮਾਰਤਾਂ ਨੂੰ ਅਣਸੁਰੱਖਿਅਤ ਐਲਾਨੇ ਜਾਣ ਦੇ ਬਾਵਜੂਦ ਨਾ ਤਾਂ ਨਵੀਂ ਇਮਾਰਤ ਬਣਾਉਣ ਲਈ ਗਰਾਂਟ ਜਾਰੀ ਕੀਤੀ ਗਈ ਹੈ ਅਤੇ ਨਾ ਹੀ ਇਮਾਰਤਾਂ ਨੂੰ ਹਟਾਇਆ ਗਿਆ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਖਸਤਾ ਹਾਲਤ ਇਮਾਰਤਾਂ ਦੀ ਥਾਂ ਨਵੀਂਆਂ ਇਮਾਰਤਾਂ ਦੀ ਉਸਾਰੀ ਜ਼ਿਲ੍ਹਾ ਭਰ ਵਿੱਚ ਸਰਵੇ ਕਰਵਾ ਕੇ ਜਲਦ ਕੀਤੀ ਜਾਵੇ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।