ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 8 ਅਕਤੂਬਰ
ਅੰਮ੍ਰਿਤਸਰ ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੰਪਲੈਕਸ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਵਿਚ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵੱਲੋਂ ਤਨਖ਼ਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧ ਕਰਵਾਉਣ, ਪਰਖ ਸਮਾਂ ਐਕਟ ਤਹਿਤ 31-12-15 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਵੀ ਬਾਕੀ ਮੁਲਾਜ਼ਮਾਂ ਬਰਾਬਰ ਲਾਭ ਦਿਵਾਉਣ, ਪੈਨਸ਼ਨਰਾਂ ਦੇ ਤਨਖ਼ਾਹ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਸਣੇ ਹੋਰ ਮੁਲਾਜ਼ਮ ਮੰਗਾਂ ਸਬੰਧੀ ਚੱਲ ਰਹੇ ਸੰਘਰਸ਼ ਪ੍ਰਤੀ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਸਾਂਝੇ ਫਰੰਟ ਦੀ ਮੀਟਿੰਗ ਬੇਸਿੱਟਾ ਰਹੀ ਸੀ।
ਸਾਂਝੇ ਫਰੰਟ ਦੇ ਆਗੂਆਂ ਸੂਬਾਈ ਕਨਵੀਨਰ ਜਰਮਨਜੀਤ ਸਿੰਘ, ਜੋਗਿੰਦਰ ਸਿੰਘ, ਡਾ. ਕੰਵਲਜੀਤ ਸਿੰਘ, ਅਸ਼ਵਨੀ ਅਵਸਥੀ, ਸੁੱਚਾ ਸਿੰਘ ਟਰਪਈ, ਸੁਖਦੇਵ ਰਾਜ ਕਾਲੀਆ, ਸੁਖਦੇਵ ਸਿੰਘ ਪੰਨੂ ਆਦਿ ਨੇ ਆਖਿਆ ਕਿ ਜਿਥੇ ਪਹਿਲਾਂ ਲਗਭਗ ਸਾਢੇ ਚਾਰ ਸਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮ ਮਸਲਿਆਂ ਤੋਂ ਦੂਰੀ ਬਣਾ ਕੇ ਰੱਖੀ, ਉਥੇ ਹੁਣ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਸੇ ਨੀਤੀ ’ਤੇ ਚੱਲ ਰਹੇ ਹਨ।
ਮੁਲਾਜ਼ਮ ਆਗੂਆਂ ਮਦਨ ਲਾਲ, ਨਰਿੰਦਰ ਪ੍ਰਧਾਨ, ਗੁਰਬਿੰਦਰ ਸਿੰਘ ਖਹਿਰਾ, ਲਖਵਿੰਦਰ ਸਿੰਘ ਗਿੱਲ, ਗਿਆਨੀ ਮੋਹਨ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 16 ਅਕਤੂਬਰ ਤੋਂ ਮੋਰਿੰਡਾ ਵਿਚ ਰੈਲੀ ਕਰ ਕੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਸਰਕਾਰ ਦੀ ਅਰਥੀ ਸਾੜੀ
ਤਰਨ ਤਾਰਨ (ਗੁਰਬਖਸ਼ਪੁਰੀ): ਪੰਜਾਬ ਅਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਅੱਜ ਇੱਥੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਦਿਖਾਵਾ ਕੀਤਾ ਗਿਆ ਅਤੇ ਸੂਬਾ ਸਰਕਾਰ ਦੀ ਅਰਥੀ ਸਾੜੀ ਗਈ| ਇਸ ਮੌਕੇ ਮੁਲਾਜ਼ਮ ਆਗੂ ਬਲਜਿੰਦਰ ਸਿੰਘ ਦੋਬਲੀਆ, ਗੁਰਭੇਜ ਸਿੰਘ ਢਿੱਲੋਂ, ਕਾਰਜ ਸਿੰਘ ਕੈਰੋਂ, ਕਲਵਿੰਦਰ ਸਿੰਘ ਬਾਗੜੀਆਂ, ਬਲਕਾਰ ਸਿੰਘ ਵਲਟੋਹਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਬਲਜਿੰਦਰ ਕੌਰ, ਤਾਰਾ ਸਿੰਘ ਖਹਿਰਾ, ਧਨਵੰਤ ਸਿੰਘ ਰੰਧਾਵਾ ਨੇ ਸੰਬੋਧਨ ਕੀਤਾ| ਆਗੂਆਂ ਸੂਬਾ ਸਰਕਾਰ ਵਲੋਂ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਧਾਰਨ ਕੀਤੀ ਚੁੱਪ ਦੀ ਨਿਖੇਧੀ ਕੀਤੀ ਅਤੇ ਮੰਗਾਂ ਨਾ ਮੰਨੇ ਜਾਣ ਤੇ 16 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿੱਚ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਚਿਤਾਵਨੀ ਦਿੱਤੀ| ਆਗੂਆਂ ਨੇ ਲਖੀਮਪੁਰ ਖੀਰੀ ਦੀਆਂ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ|