ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕਟਾਰੂਚੱਕ ਦੇ ਘਰ ਅੱਗੇ ਪ੍ਰਦਰਸ਼ਨ
ਰੈਲੀ ਮਗਰੋਂ ਮੰਤਰੀ ਦੀ ਪਤਨੀ ਉਰਮਿਲਾ ਦੇਵੀ ਨੂੰ ਮੰਗ ਪੱਤਰ ਦਿੱਤਾ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਮੂਹਰੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਿੱਚ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਸਰਪ੍ਰਸਤ ਸੱਤ ਪ੍ਰਕਾਸ਼, ਨਰੇਸ਼ ਕੁਮਾਰ, ਡਾ. ਲੇਖ ਰਾਜ, ਰਾਜਿੰਦਰ ਧੀਮਾਨ, ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ, ਇੰਜਨੀਅਰ ਨਰੇਸ਼ ਸ਼ਰਮਾ, ਪੀ ਡਬਲਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਰਾਜਿੰਦਰ ਕੁਮਾਰ, ਮੋਹਨ ਸਿੰਘ, ਸਟੇਟ ਕਰਮਚਾਰੀ ਦਲ ਦੇ ਪ੍ਰਧਾਨ ਰਵਿੰਦਰ ਸਿੰਘ ਜੱਗਾ, ਦਰਜਾ-4 ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਾਲ ਸਿੰਘ, ਡਿਪਲੋਮਾ ਇੰਜਨੀਅਰਜ਼ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਦਸ਼ਰਤ ਜਾਖੜ, ਕੰਪਿਊਟਰ ਟੀਚਰ ਯੂਨੀਅਨ ਦੇ ਅਮਨਦੀਪ ਸਿੰਘ, ਰਾਜੇਸ਼ ਕੁਮਾਰ ਲਵਲੀ ਆਦਿ ਆਗੂ ਸ਼ਾਮਲ ਸਨ। ਰੈਲੀ ਮਗਰੋਂ ਮੰਤਰੀ ਦੀ ਪਤਨੀ ਉਰਮਿਲਾ ਦੇਵੀ ਨੂੰ ਮੰਗ ਪੱਤਰ ਦਿੱਤਾ ਗਿਆ।
ਬੁਲਾਰਿਆਂ ਕਿਹਾ ਕਿ ਸੰਘਰਸ਼ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਸਰਕਾਰ ਇਸ ਵਰਗ ਦੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ। ਹੁਣ ਤੱਕ ਇਸ ਸਰਕਾਰ ਨੇ ਸਿਵਾਏ ਲਾਰਿਆਂ ਦੇ ਕੁਝ ਵੀ ਨਹੀਂ ਦਿੱਤਾ ਅਤੇ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੇ ਬਕਾਏ ਵੀ ਮਿੱਟੀ ਘੱਟੇ ਵਿੱਚ ਰੋਲ ਦਿੱਤੇ ਗਏ ਹਨ। ਇੱਥੇ ਹੀ ਬੱਸ ਨਹੀਂ, ਸਰਕਾਰੀ ਵਿਭਾਗਾਂ ਨੂੰ ਠੇਕੇਦਾਰੀ ਸਿਸਟਮ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਦੇ ਅਸਲੀ ਮੁੱਦੇ ਹੱਲ ਕਰਨ ਦੀ ਥਾਂ ਲੋਕ ਲੁਭਾਣੀਆਂ ਸਕੀਮਾਂ ਲਾਗੂ ਕਰਕੇ ਗੁਮਰਾਹ ਕੀਤਾ ਜਾ ਰਿਹਾ ਹੈ। ਇਸ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ ਜਿਸ ਦਾ ਖਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।
ਉਨ੍ਹਾਂ ਮੰਗ ਕੀਤੀ ਕਿ ਕਿ 18% ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੰਜਾਬ ਦੇ ਮੁਲਾਜ਼ਮਾਂ ਤੇ 17.07.2020 ਦੇ ਪੱਤਰ ਰਾਹੀਂ ਲਾਗੂ ਕੇਂਦਰੀ ਤਨਖਾਹ ਕਮਿਸ਼ਨ ਰੱਦ ਕੀਤਾ ਜਾਵੇ, ਪ੍ਰੋਬੇਸ਼ਨ ਪੀਰੀਅਡ ਵਿੱਚ ਵਾਧੇ ਵਾਲਾ 15.01.2015 ਦਾ ਪੱਤਰ ਰੱਦ ਕੀਤਾ ਜਾਵੇ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦਿੱਤਾ ਜਾਵੇ ਅਤੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ।
