ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 29 ਸਤੰਬਰ
ਸਬ ਡਿਵੀਜ਼ਨ ਬੰਡਾਲਾ ਵਿੱਚ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ-2022 ਨੋਟੀਫਿਕੇਸ਼ਨ ਜਾਰੀ ਕਰਨ ਦੇ ਵਿਰੋਧ ਵਿੱਚ ਪੀਐੱਸਈਬੀ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਬਾਰੇ ਟੈਕਨੀਕਲ ਯੂਨੀਅਰ ਸਰਵਸਿਜ਼ ਉਪ ਮੰਡਲ ਬੰਡਾਲਾ ਦੇ ਪ੍ਰਧਾਨ ਮਨੋਜ ਕੁਮਾਰ ਨੇ ਦੱਸਿਆ ਜੋ ਸਤੰਬਰ 2022 ਨੂੰ ਬਿਜਲੀ ਸੋਧ ਬਿੱਲ ਨੋਟੀਫਿਕੇਸ਼ਨ ਜਾਰੀ ਹੋਇਆ ਹੈ, ਉਸ ਖ਼ਿਲਾਫ਼ ਕਰਮਚਾਰੀਆਂ ਤੇ ਖਪਤਕਾਰਾਂ ਵਿੱਚ ਇਸ ਦਾ ਭਾਰੀ ਵਿਰੋਧ ਹੈ। ਸਰਕਾਰ ਨਿੱਜੀਕਰਨ ਨੀਤੀ ਦੇ ਤਹਿਤ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀਆਂ ਦੇ ਹੱਥਾਂ ਵਿੱਚ ਸੌਂਪਣ ਲਈ ਨਗਰਪਾਲਿਕਾਵਾਂ ਤੇ ਜ਼ਿਲ੍ਹਿਆਂ ਦੀ ਹੱਦ ਤੈਅ ਕਰ ਰਹੀ ਹੈ। ਬਿਜਲੀ ਬੋਰਡ ਨੂੰ ਸਾਲ 2003 ’ਚ ਭੰਗ ਕਰ ਦਿੱਤਾ ਗਿਆ ਸੀ। ਜਿਸ ਦੇ ਚੱਲਦਿਆਂ ਬਿਜਲੀ ਰੇਟਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀ ਹੈ। ਉਨ੍ਹਾਂ ਕਿਹਾ ਇਸ ਕਾਰਨ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਬਸਿਡੀ ’ਤੇ ਵੀ ਬੁਰਾ ਅਸਰ ਪੈਣ ਦੀ ਸੰਭਾਵਨਾ ਹੈ।
ਫਤਿਹਗੜ੍ਹ ਚੂੜੀਆਂ (ਪੱਤਰ ਪ੍ਰੇਰਕ) ਜੁਆਇੰਟ ਫੋਰਮ ਪੰਜਾਬ ਰਾਜ ਪਾਵਰਕੌਮ ਲਿਮਟਿਡ ਪੰਜਾਬ ਦੇ ਸੱਦੇ ’ਤੇ ਸ਼ਹਿਰੀ ਅਤੇ ਦਿਹਾਤੀ ਉਪ ਮੰਡਲ ਦਫਤਰ ਫ਼ਤਿਹਗੜ੍ਹ ਚੂੜੀਆਂ ਦੇ ਸਮੂਹ ਮੁਲਾਜ਼ਮਾਂ ਵੱਲੋਂ ਦਫ਼ਤਰ ਦੇ ਮੁੱਖ ਗੇਟ ਮੂਹਰੇ ਬਿਜਲੀ ਸੋਧ ਬਿੱਲ-2022 ਦੇ ਨੋਟੀਫਿਕੇਸ਼ਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੁਲਾਜ਼ਮ ਆਗੂ ਸਤਨਾਮ ਸਿੰਘ, ਰਾਜਵਿੰਦਰ ਸਿੰਘ ਟਰਪੱਲਾ ਅਤੇ ਮੁਖਤਾਰ ਸਿੰਘ ਰੰਧਾਵਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ ਨੋਟੀਫਿਕੇਸ਼ਨ ਵਾਪਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਲਾਗੂ ਹੋਣ ਨਾਲ ਬਿਜਲੀ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਪਛੜੇ ਵਰਗ ’ਤੇ ਬਹੁਤ ਮਾਰੂ ਅਸਰ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਇਸ ਸੋਧ ਬਿੱਲ ਨੂੰ ਵਾਪਿਸ ਨਹੀਂ ਕਰਦੀ ਤਾਂ ਮੁਲਾਜ਼ਮ ਜਥੇਬੰਦੀਆਂ ਸਰਕਾਰ ਵਿਰੁੱਧ ਸੰਘਰਸ਼ ਲਈ ਤਿਆਰ ਹਨ। ਇਸ ਮੌਕੇ ਬਲਜੀਤ ਸਿੰਘ ਜੇ.ਈ, ਦਿਲਬਾਗ ਸਿੰਘ, ਬਾਲ ਕ੍ਰਿਸ਼ਨ ਲਾਈਨਮੈਨ, ਹਰਵਿੰਦਰ ਸਿੰਘ, ਕੇਵਲ ਸਿੰਘ ਜੇ.ਈ, ਮਨਵਿੰਦਰ ਸਿੰਘ ਹਾਜ਼ਰ ਸਨ।