ਭਾਈ ਗਜਿੰਦਰ ਸਿੰਘ ਤੇ ਹਰਦੀਪ ਨਿੱਝਰ ਦੀ ਯਾਦ ’ਚ ਸਮਾਗਮ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਦਲ ਖ਼ਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਅਤੇ ਕੈਨੇਡਾ ਵਾਸੀ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ’ਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ ਜਿਸ ਤਹਿਤ ਅਖੰਡ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ। ਇਸ ਦੌਰਾਨ ਦਲ ਖ਼ਾਲਸਾ ਨੇ ਦੋਵਾਂ ਸਿੱਖਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕਰਨ ਦੀ ਮੰਗ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਥਕ ਜਥੇਬੰਦੀਆਂ ਵੱਲੋਂ ਭਾਈ ਗਜਿੰਦਰ ਸਿੰਘ ਦੇ ਪਰਵਾਰਿਕ ਮੈਂਬਰਾਂ ਭਰਾ ਦਰਸ਼ਨ ਸਿੰਘ ਤੇ ਭਰਜਾਈ ਤੇਜਿੰਦਰ ਕੌਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਭਾਈ ਗਜਿੰਦਰ ਸਿੰਘ ਦੇ ਸਾਥੀ ਹਾਈਜੈਕਰ ਭਾਈ ਸਤਿਨਾਮ ਸਿੰਘ ਪਾਉਂਟਾ ਸਾਹਿਬ ਅਤੇ ਬਲਵਿੰਦਰ ਸਿੰਘ ਜਟਾਣਾ ਦੀ ਭੈਣ ਬੀਬੀ ਸੁਰਿੰਦਰ ਕੌਰ ਦਾ ਵੀ ਸਿਰੋਪਾ ਦੇ ਕੇ ਸਨਮਾਨ ਕੀਤਾ।
ਦਲ ਖ਼ਾਲਸਾ ਅਤੇ ਮਾਨ ਦਲ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਭਾਈ ਗਜਿੰਦਰ ਸਿੰਘ ਅਤੇ ਭਾਈ ਨਿੱਝਰ ਨੂੰ ਕੌਮੀ ਸਨਮਾਨ ਤੇ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ। ਦਲ ਖ਼ਾਲਸਾ ਆਗੂਆਂ ਹਰਪਾਲ ਸਿੰਘ ਚੀਮਾ, ਕੁਲਬੀਰ ਸਿੰਘ ਬੜਾਪਿੰਡ, ਕੰਵਰਪਾਲ ਸਿੰਘ, ਬਾਬਾ ਹਰਦੀਪ ਸਿੰਘ, ਪਰਮਜੀਤ ਸਿੰਘ ਮੰਡ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਉਹ ਦੋਵਾਂ ਸਿੱਖਾਂ ਦੀਆ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕਰਨ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਹੈੱਡ ਗ੍ਰੰਥੀ ਗਿਆਨੀ ਮਲਕੀਅਤ ਸਿੰਘ ਤੇ ਭਾਈ ਮੋਹਕਮ ਸਿੰਘ ਆਦਿ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।