ਕਿਸਾਨ-ਮਜ਼ਦੂਰ ਜਥੇਬੰਦੀ ਵੱਲੋਂ ਮੋਟਸਾਈਕਲ ਮਾਰਚ ਦੀਆਂ ਤਿਆਰੀਆਂ ਮੁਕੰਮਲ
ਕਿਸਾਨ ਆਗੂਆਂ ਕਿਹਾ ਕਿ ਦਿੱਲੀ ਤੋਂ ਆਏ ਧਾੜਵੀਆਂ ਦੇ ਇਸ ਧੱਕੇ ਨੂੰ ਰੋਕਣ ਲਈ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਤੇ ਗਏ 11 ਅਗਸਤ ਨੂੰ ਪੰਜਾਬ ਭਰ ਵਿੱਚ ਮੋਟਰਸਾਈਕਲ ਮਾਰਚ ਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 15 ਜ਼ਿਲ੍ਹਿਆਂ ਜਿਵੇਂ ਮੋਗਾ, ਮੁਕਤਸਰ, ਫਾਜ਼ਿਲਕਾ, ਜਲਾਲਾਬਾਦ, ਫਿਰੋਜ਼ਪੁਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਰੋਪੜ, ਪਟਿਆਲਾ ਤੇ ਬਠਿੰਡਾ ਆਦਿ ਵਿੱਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਮਾਰਚ ਵਿੱਚ ਹਿੱਸਾ ਲੈ ਕੇ ਇਕ ਇੰਚ ਵੀ ਜ਼ਮੀਨ ਨਾ ਦੇਣ ਦੇ ਐਲਾਨ ਕਰਨੇ ਹਨ।
ਕਿਸਾਨ ਆਗੂ ਨੇ ਅੱਗੇ ਕਿਹਾ ਬਿਜਲੀ ਮੁਲਾਜ਼ਮਾਂ ਵੱਲੋਂ ਬਿਜਲੀ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਲੜੇ ਜਾ ਰਹੇ ਸੰਘਰਸ਼ ਦੀ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪੂਰੀ ਪੂਰੀ ਹਮਾਇਤ ਕੀਤੀ ਜਾਂਦੀ ਹੈ ਅਤੇ ਕਿਸੇ ਵੀ ਕੀਮਤ ਉੱਤੇ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ, ਸ਼ੰਭੂ ਤੇ ਖਨੌਰੀ ਬਾਰਡਰਾਂ ਉਤੇ ਪੁਲਿਸ ਜ਼ਬਰ ਕਰਦਿਆਂ 3 ਕਰੋੜ 77 ਲੱਖ ਰੁਪਏ ਦੀਆਂ ਵਸਤਾਂ ਦੇ ਕੀਤੇ ਨੁਕਸਾਨ ਦੀ ਭਰਪਾਈ ਤਰੁੰਤ ਕੀਤੀ ਜਾਵੇ ਅਤੇ ਆਬਾਦਕਾਰ ਕਿਸਾਨਾਂ ਨੂੰ ਵਿਧਾਨ ਸਭਾ ਵਿੱਚ ਕਾਨੂੰਨ ਬਣਾ ਕੇ ਪੱਕੇ ਮਾਲਕੀ ਹੱਕ ਦਿੱਤੇ ਜਾਣ।