ਪੱਤਰ ਪ੍ਰੇਰਕ
ਅੰਮ੍ਰਿਤਸਰ, 13 ਫਰਵਰੀ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਹੋਈ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿੱਚ 14, 16 ਤੇ 17 ਫਰਵਰੀ ਨੂੰ ਜਲੰਧਰ, ਪਠਾਨਕੋਟ ਤੇ ਅਬੋਹਰ ਵਿੱਚ ਹੋ ਰਹੀਆਂ ਪ੍ਰਧਾਨ ਮੰਤਰੀ ਦੀਆਂ ਚੋਣ ਰੈਲੀਆਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸੂਬੇ ਵਿੱਚ ਸ਼ਹਿਰਾਂ ਤੇ ਕਸਬਿਆਂ ਵਿੱਚ ਰੋਸ ਮਾਰਚ ਕੀਤਾ ਜਾਵੇਗਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ।
ਉਨ੍ਹਾਂ ਕਿਹਾ ਕਿ ਭਾਜਪਾ, ਲੋਕ ਕਾਂਗਰਸ ਤੇ ਸੰਯੁਕਤ ਅਕਾਲੀ ਦਲ ਢੀਂਡਸਾ ਦੇ ਗਠਜੋੜ ਦੇ ਕਿਸੇ ਵੀ ਉਮੀਦਵਾਰ ਨੂੰ ਪਿੰਡਾਂ ਵਿੱਚ ਵੜਨ ’ਤੇ ਕਾਲੀਆਂ ਝੰਡੀਆਂ ਵਿਖਾਈਆਂ ਜਾਣਗੀਆਂ।
ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ 9 ਦਸੰਬਰ ਨੂੰ ਲਿਖਤੀ ਸਮਝੌਤਾ ਕਰਕੇ 6 ਮੰਗਾਂ ਮੰਨਣ ਦਾ ਸਹਿਮਤੀ ਪੱਤਰ ਦਿੱਤਾ ਗਿਆ ਸੀ, ਪਰ ਉਸ ’ਤੇ ਕੋਈ ਅਮਲ ਨਹੀਂ ਹੋਇਆ। ਉਲਟਾ ਕਿਸਾਨਾਂ ਮਜ਼ਦੂਰਾਂ ਦੇ ਜ਼ਖਮਾਂ ਉੱਤੇ ਲੂਣ ਛਿੜਕਦਿਆਂ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਕਰਾਉਣ ਵਿੱਚ ਪ੍ਰਧਾਨ ਮੰਤਰੀ ਦਾ ਪੂਰਾ ਹੱਥ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਫੇਰੀਆਂ ਦਾ ਸਖਤ ਵਿਰੋਧ ਕੀਤਾ ਜਾਵੇਗਾ।
ਮਹਿਲਾ ਕਿਸਾਨ ਯੂਨੀਅਨ 16 ਨੂੰ ਫੂਕੇਗੀ ਪ੍ਰਧਾਨ ਮੰਤਰੀ ਦੇ ਪੁਤਲੇ
ਜਲੰਧਰ(ਨਿਜੀ ਪੱਤਰ ਪ੍ਰੇਰਕ): ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਿਸਾਨ ਤੇ ਗਰੀਬ ਮਾਰੂ ਨੀਤੀਆਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਮਹਿਲਾ ਕਿਸਾਨ ਯੂਨੀਅਨ ਵੱਲੋਂ ਵੀ 16 ਫਰਵਰੀ ਨੂੰ ਧਰਨੇ ਦੇ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਅੱਜ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆ ਮਹਿਲਾ ਕਿਸਾਨ ਯੂਨੀਅਨ ਦੀ ਸੂਬਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਇਹ ਜਾਣਕਾਰੀ ਦਿੱਤੀ। ਬੀਬੀ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮਹਿਲਾ ਕਿਸਾਨ ਯੂਨੀਅਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕਿਸਾਨਾਂ ਤੇ ਗਰੀਬ ਵਿਰੋਧੀ ਭਾਜਪਾ ਤੇ ਨਰੇਂਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਮੁਲਤਵੀ ਕੀਤੇ ਜਾਣ ਸਮੇਂ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਅਤੇ ਕਿਸਾਨਾਂ ਖਿਲਾਫ਼ ਦਰਜ ਕੇਸ ਰੱਦ ਕਰਨ ’ਤੇ ਸਹਿਮਤੀ ਜਤਾਈ ਸੀ ਪਰ ਹਾਲੇ ਤਕ ਇਨ੍ਹਾਂ ਮੰਗਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ।