ਪੱਤਰ ਪ੍ਰੇਰਕ
ਅਜਨਾਲਾ, 23 ਅਪਰੈਲ
ਇੱਥੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ, ਜਨਰਲ ਸਕੱਤਰ ਹਰਪਾਲ ਸਿੰਘ ਕਪੂਰਥਲਾ ਤੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਰੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਗਵਾਹਾਂ ਨੂੰ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦੇ ਘਟੇ ਝਾੜ ਲਈ ਤਿੰਨ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਖੇਤੀ ਬਿਜਲੀ ਸਪਲਾਈ ਅੱਠ ਘੰਟੇ ਨਿਰਵਿਘਨ ਦਿੱਤੀ ਜਾਵੇ। ਇਸ ਮੌਕੇ ਕਾਬਲ ਸਿੰਘ ਛੀਨਾ, ਅੰਗਰੇਜ ਸਿੰਘ ਲੱਖੂਵਾਲ, ਜੋਗਾ ਸਿੰਘ, ਸੁਖਦੇਵ ਸਿੰਘ ਡੱਬਰ, ਵਿਜੈ ਸ਼ਾਹ ਧਾਰੀਵਾਲ ਆਦਿ ਹਾਜ਼ਰ ਸਨ।
ਚੋਹਲਾ ਸਾਹਿਬ (ਪੱਤਰ ਪ੍ਰੇਰਕ): ਇੱਥੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇਂਦਰ ਖ਼ਿਲਾਫ਼ ਮਾਰਚ ਕੱਢਿਆ ਗਿਆ। ਇਸ ਉਪਰੰਤ ਸ਼ਾਹੂ-ਸ਼ਾਹ ਚੌਕ ਵਿੱਚ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂ ਪਰਗਟ ਸਿੰਘ ਚੰਬਾ ਤੇ ਕਾਬਲ ਸਿੰਘ ਵਰ੍ਹਿਆਂ ਨੇ ਦੱਸਿਆ ਕਿ ਕੇਂਦਰ ਦੇ ਦਬਾਅ ਹੇਠ ਪ੍ਰੀਪੇਡ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ।
ਕੇਂਦਰ ’ਤੇ ਵਾਅਦਿਆਂ ਤੋਂ ਭੱਜਣ ਦੇ ਦੋਸ਼
ਸ਼ਾਹਕੋਟ (ਪੱਤਰ ਪ੍ਰੇਰਕ): ਇੱਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਤੇ ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਵੱਲੋਂ ਕੇਂਦਰ ਅਤੇ ਯੂਪੀ ਦੇ ਪੁਤਲੇ ਫੂਕ ਕੇ ਲਖੀਮਪੁਰ ਖੀਰੀ ਕਾਂਡ ਦੇ ਗਵਾਹਾਂ ਨੂੰ ਡਰਾਉਣ-ਧਮਕਾਉਣ ਬੰਦ ਕਰਨ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਬੀ.ਕੇ.ਯੂ (ਲੱਖੋਵਾਲ) ਦੇ ਸੂਬਾ ਸਕੱਤਰ ਪਰਮਜੀਤ ਸਿੰਘ ਮਾਣਕਪੁਰ, ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਆਗੂ ਗੁਰਬਖਸ ਕੌਰ ਨੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਮੋਦੀ ਸਰਕਾਰ ਤੇ ਕੀਤੇ ਵਾਅਦਿਆਂ ਤੋਂ ਭੱਜਣ ਦਾ ਦੋਸ਼ ਲਗਾਇਆ। ਉਨ੍ਹਾਂ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ।