ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 31 ਅਗਸਤ
ਕੇਂਦਰ ਸਰਕਾਰ ਵੱਲੋਂ ਕਣਕ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਹੱਥ ਪਿੱਛੇ ਖਿੱਚਣ ਦੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ’ਚ ਪਿੰਡ ਚੱਬਾ ਵਿਚ ਅੰਮ੍ਰਿਤਸਰ-ਹਰੀਕੇ ਮੁੱਖ ਮਾਰਗ ਜਾਮ ਕਰ ਕੇ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਚੱਬਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਨੂੰ ਅੱਗੇ ਵਧਾਉਦਿਆਂ ਖੇਤੀ ਮੰਡੀ ਤੋੜ ਕੇ ਕਾਰਪੋਰੇਟ ਘਰਾਣਿਆਂ ਦਾ ਖੇਤੀ ਮੰਡੀ ’ਤੇ ਕਬਜ਼ਾ ਕਰਵਾਉਣ ਲਈ ਸਰਕਾਰੀ ਖ਼ਰੀਦ ਤੋਂ ਭੱਜਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਦੇ ਸੰਕੇਤ ਸੁਖਬੀਰ ਸਿੰਘ ਬਾਦਲ ਨੂੰ ਲਿਖੀ ਚਿੱਠੀ ਤੋਂ ਵੀ ਸਪਸ਼ਟ ਮਿਲਦੇ ਹਨ ਕਿ ਕੇਂਦਰ ਸਿਰਫ਼ ਲੋੜੀਂਦਾ ਅਨਾਜ ਹੀ ਖ਼ਰੀਦੇਗੀ। ਊਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਚਿੱਠੀ ਦਾ ਅਕਾਲੀ ਦਲ ਵੱਲੋਂ ਗ਼ਲਤ ਪ੍ਰਚਾਰ ਕਰਨਾ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰਨਾ ਹੈ। ਇਸ ਦੀ ਤਾਜ਼ਾ ਮਿਸਾਲ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਵੱਲੋਂ ਪ੍ਰਾਈਵੇਟ ਕੰਪਨੀਆਂ ਵੱਲੋ ਖੇਤੀ ਸੈਕਟਰ ਵਿੱਚ ਨਿਵੇਸ਼ ਸ਼ੁਰੂ ਕਰਨ ਦੇ ਬਿਆਨ ਤੋਂ ਮਿਲਦੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਪਾਏ ਮਤੇ ਅਨੁਸਾਰ ਜੇ ਗਾਰੰਟੀ ਦੇਣੀ ਹੈ ਤਾਂ ਕੇਂਦਰ ਸਰਕਾਰੀ ਖ਼ਰੀਦ ਦੀ ਗਾਰੰਟੀ ਵਾਲਾ ਆਰਡੀਨੈਂਸ ਲਿਆਵੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਮਜ਼ਦੂਰ ਵਿਰੋਧੀ ਖੇਤੀ ਆਰਡੀਨੈਂਸਾਂ ਸਣੇ ਹੋਰ ਮਾਰੂ ਫ਼ੈਸਲੇ ਕਰਨ ਲਈ ਲਗਾਤਾਰ ਸੂਬਾ ਸਰਕਾਰਾਂ ’ਤੇ ਦਬਾਅ ਬਣਾ ਰਹੀ ਹੈ।
ਅਜਨਾਲਾ (ਅਸ਼ੋਕ ਸ਼ਰਮਾ): ਜਮਹੂਰੀ ਕਿਸਾਨ ਸਭਾ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਨੇ ਸਾਂਝੇ ਤੌਰ ’ਤੇ ਖੇਤੀ ਵਿਰੋਧੀ ਆਰਡੀਨੈਂਸਾਂ ਅਤੇ 2020 ਬਿਜਲੀ ਸੋਧ ਬਿਲ ਖ਼ਿਲਾਫ਼ ਕਿਸਾਨਾਂ ਵਿਚ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਵਿਚ ਰੋਸ ਮਾਰਚ ਕੀਤਾ। ਮਾਰਚਕਾਰੀਆਂ ਨੇ ਕੇਂਦਰ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕਿਸਾਨ ਵਿਰੋਧੀ ਬਿੱਲ ਵਾਪਸ ਲਏ ਜਾਣ।
ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਤੇ ਖੇਤੀ ਮਾਹਿਰ ਡਾ. ਸਤਨਾਮ ਸਿੰਘ ਅਜਨਾਲਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਤੇ ਸੂਬਾ ਕਮੇਟੀ ਮੈਂਬਰ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸੰਸਾਰ ਬੈਂਕ ਤੇ ਵਿਸ਼ਵ ਵਪਾਰ ਸੰਸਥਾ ਅਤੇ ਹੋਰ ਵਿਦੇਸ਼ੀ ਤੇ ਦੇਸੀ ਬਹੁਪੱਖੀ ਕੰਪਨੀਆਂ ਕੋਲੋਂ ਕਰਜ਼ੇ ਹਾਸਲ ਕਰਨ ਲਈ ਦੇਸ਼ ਦੀ ਕਿਸਾਨੀ ਨੂੰ ਉਨ੍ਹਾਂ ਅੱਗੇ ਗਹਿਣੇ ਰੱਖ ਦਿੱਤਾ ਹੈ। ਉਪਰੋਕਤ ਸੰਸਥਾਵਾਂ ਦੀ ਰਜ਼ਾਮੰਦੀ ਨਾਲ ਕਿਸਾਨੀ ਜਿਣਸਾਂ ਨੂੰ ਸਸਤੇ ਮਨ ਚਾਹੇ ਰੇਟਾਂ ’ਤੇ ਖ਼ਰੀਦਿਆ ਜਾਵੇਗਾ, ਜਿਸ ਕਾਰਨ ਦੇਸ਼ ਦੀ ਛੋਟੀ ਕਿਸਾਨੀ, ਜੋ ਪਹਿਲਾਂ ਹੀ ਸ਼ਾਹੂਕਾਰਾਂ, ਬੈਂਕਾਂ, ਸਹਿਕਾਰੀ ਸੁਸਾਇਟੀਆਂ ਤੇ ਆੜ੍ਹਤੀਆਂ ਦੇ ਕਰਜ਼ਿਆਂ ਦੀ ਪੰਡ ਹੇਠ ਦੱਬੀ ਪਈ ਹੈ, ਇਨ੍ਹਾਂ ਖੇਤੀ ਬਿੱਲਾਂ ਕਾਰਨ ਬਿਲਕੁਲ ਤਬਾਹ ਹੋ ਜਾਵੇਗੀ ਅਤੇ ਛੇਤੀ ਹੀ ਬਹੁਤ ਸਾਰੇ ਕਿਸਾਨ ਕਿਸਾਨੀ ਦਾ ਧੰਦਾ ਛੱਡ ਕੇ ਦਿਹਾੜੀਆਂ ਕਰਨ ਲਈ ਮਜਬੂਰ ਹੋ ਜਾਣਗੇ।