ਪਾਲ ਸਿੰਘ ਨੌਲੀ
ਜਲੰਧਰ, 23 ਦਸੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਅੱਜ ਦੁਪਹਿਰ ਬਾਅਦ ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਅਗਵਾਈ ਵਿੱਚ ਛਾਉਣੀ ਰੇਲਵੇ ਸਟੇਸ਼ਨ ’ਤੇ ਅਣਮਿੱਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਵੱਖ-ਵੱਖ ਸੱਤ ਥਾਵਾਂ ’ਤੇ ਧਰਨੇ ਲਾਏ ਗਏ ਹਨ। ਕਿਸਾਨਾਂ ਵੱਲੋਂ ਲਾਏ ਧਰਨੇ ਨਾਲ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਸਵਾਰੀਆਂ ਠੰਢ ਵਿੱਚ ਇੱਧਰ-ਉਧਰ ਭਟਕਦੀਆਂ ਰਹੀਆਂ। ਇਹ ਰੇਲਵੇ ਮਾਰਗ ਅੰਮ੍ਰਿਤਸਰ-ਦਿੱਲੀ ਨੂੰ ਆਪਸ ਵਿੱਚ ਜੋੜਦਾ ਹੈ ਤੇ ਇਥੋਂ ਹੀ ਪਠਾਨਕੋਟ ਨੂੰ ਵੀ ਰੇਲਾਂ ਚੱਲਦੀਆਂ ਹਨ। ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਪਰਿਵਾਰ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਲਖੀਮਪੁਰ ਖੀਰੀ ਹੱਤਿਆ ਕਾਂਡ ਦੇ ਮੁੱਖ ਸਾਜ਼ਿਸ਼-ਘਾੜਿਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਖੇਤੀ ਵਾਸਤੇ ਯੂਰੀਆ ਅਤੇ ਡਾਇਆ ਖਾਦ ਦੀ ਕਿੱਲਤ ਦੂਰ ਕਰਨ, 23 ਫ਼ਸਲਾਂ ਦੀ ਖ਼ਰੀਦ ਗਰੰਟੀ ਵਾਲਾ ਕਾਨੂੰਨ ਬਣਾਉਣ, ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤਾ ਭਾਰੀ ਵਾਧਾ ਵਾਪਸ ਲੈਣ, ਬਿਜਲੀ ਸੋਧ ਬਿੱਲ 2020 ਤੇ ਹਵਾ ਪ੍ਰਦੂਸ਼ਣ ਐਕਟ 2020 ਤੁਰੰਤ ਰੱਦ ਕਰਨ , ਡਾ. ਸੁਆਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ। ਇਸ ਧਰਨੇ ਵਿੱਚ ਸਤਨਾਮ ਸਿੰਘ ਰਾਈਵਾਲ, ਨਿਰਮਲ ਸਿੰਘ ਢੰਡੋਵਾਲ, ਜਰਨੈਲ ਸਿੰਘ ਰਾਮੇ, ਸੁਖਪ੍ਰੀਤ ਸਿੰਘ ਪੱਸਣ ਕਦੀਮ, ਜ਼ਲ੍ਹਿਾ ਪ੍ਰੈਸ ਸਕੱਤਰ ਕੋਟਲੀ ਗਾਜਰਾਂ ਅਤੇ ਦੋਵਾਂ ਜ਼ਿਲਿਆਂ ਤੋਂ ਵੱਡੀ ਗਿਣਤੀ ’ਚ ਕਿਸਾਨ ਮਜ਼ਦੂਰ, ਬੱਚੇ ਅਤੇ ਬੀਬੀਆਂ ਹਾਜ਼ਰ ਹੋਈਆਂ।
ਤਰਨ ਤਾਰਨ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਵੱਲੋਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਦੇ ਗੇਟ ਸਾਹਮਣੇ ਸ਼ੁਰੂ ਕੀਤੇ ਧਰਨੇ ਦੇ ਅੱਜ ਚੌਥੇ ਦਿਨ ਵੱਡੀ ਗਿਣਤੀ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ| ਬੁਲਾਰਿਆਂ ਨੇ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਦੇਣ, ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਨੁਕਸਾਨੀ ਫਸਲ ਦਾ ਮੁਆਵਜ਼ਾ ਦੇਣ ਆਦਿ ’ਤੇ ਜ਼ੋਰ ਦਿੱਤਾ|
ਕਿਸਾਨਾਂ ਨੇ ਡੀਸੀ ਦਫਤਰ ਦੇ ਗੇਟ ਬੰਦ ਕੀਤੇ
ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਭਾਈਵਾਲ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਜਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਗੇਟ ਬੰਦ ਕਰ ਦਿੱਤੇ। ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿੱਚ ਔਰਤਾਂ ਵੀ ਸ਼ਾਮਲ ਸਨ। ਕਿਸਾਨ ਆਗੂਆਂ ਮਨਦੀਪ ਸਿੰਘ ਸਮਰਾ, ਮੱਖਣ ਸਿੰਘ, ਸੰਤੋਖ ਸਿੰਘ ਸੰਧੂ, ਸੁਰਜੀਤ ਸਿੰਘ ਸਮਰਾ, ਮੇਜਰ ਸਿੰਘ, ਅਮਰੀਕ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ-ਕਟੜਾ ਐਕਸਪ੍ਰੈੱਸ ਬਣਾਉਣ ਲਈ ਜਿਹੜੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ.