ਟੌਲ ਪਲਾਜ਼ਿਆਂ ਤੇ ਰਿਲਾਇੰਸ ਪੈਟਰੋਲ ਪੰਪਾਂ ’ਤੇ ਡਟੇ ਕਿਸਾਨ

ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ; ਵੱਖ ਵੱਖ ਥਾਈਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਟੌਲ ਪਲਾਜ਼ਿਆਂ ਤੇ ਰਿਲਾਇੰਸ ਪੈਟਰੋਲ ਪੰਪਾਂ ’ਤੇ ਡਟੇ ਕਿਸਾਨ

ਕੁੱਲ ਹਿੰਦ ਕਿਸਾਨ ਸਭਾ ਵੱਲੋਂ ਗੜ੍ਹਸ਼ੰਕਰ-ਨੂਰਪੁਰ ਬੇਦੀ ਮੁੱਖ ਮਾਰਗ ’ਤੇ ਰਿਲਾਇੰਸ ਮਾਲ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਤਸਵੀਰ। -ਫੋਟੋ: ਕੁੱਲੇਵਾਲ

ਗੁਰਬਖ਼ਸ਼ਪੁਰੀ
ਤਰਨ ਤਾਰਨ, 28 ਅਕਤੂਬਰ

ਇਥੋਂ ਦੀ ਅੰਮ੍ਰਿਤਸਰ ਸੜਕ ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ’ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀਆਂ ਜ਼ਿਲ੍ਹਾ ਇਕਾਈਆਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ ਨੌਵੇਂ ਦਿਨ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨੀ ਅੰਦੋਲਨ ਦੇ ਸਾਰੇ ਦੇਸ਼ ਅੰਦਰ ਫੈਲਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਸਵਾਗਤ ਕੀਤਾ| ਕਿਸਾਨ ਆਗੂ ਗਿਆਨ ਸਿੰਘ ਕੱਦਗਿੱਲ ਅਤੇ ਨਛੱਤਰ ਸਿੰਘ ਬਾਕੀਪੁਰ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਸ਼ਾਮਲ ਕਿਸਾਨਾਂ ਨੂੰ ਜਥੇਬੰਦੀਆਂ ਦੇ ਸੀਨੀਅਰ ਆਗੁ ਭੁਪਿੰਦਰ ਸਿੰਘ ਪੰਡੋਰੀ ਤਖਤਮਲ, ਸਤਨਾਮ ਸਿੰਘ ਜੌਹਲ, ਰਣਧੀਰ ਸਿੰਘ ਕੱਦਗਿਲ, ਭਜਨ ਸਿੰਘ ਕੋਟ, ਬਲਕਾਰ ਸਿੰਘ ਬਾਕੀਪੁਰ, ਗੁਰਦਿਆਲ ਸਿੰਘ ਤਖ਼ਤ ਮੱਲ ਆਦਿ ਨੇ ਸੰਬੋਧਨ ਕੀਤਾ| ਬੁਲਾਰਿਆਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਸਮਾਜ ਦੇ ਹੋਰਨਾਂ ਵਰਗਾਂ ਨੂੰ ਵੀ ਮੈਦਾਨ ਵਿੱਚ ਆਉਣ ਦੀ ਅਪੀਲ ਕੀਤੀ|

ਗੜ੍ਹਸ਼ੰਕਰ (ਜੋਗਿੰਦਰ ਸਿੰਘ ਕੁੱਲੇਵਾਲ): ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ, ਬਿਜਲੀ ਸੋਧ ਬਿੱਲ ਰੱਦ ਕਰਵਾਉਣ ਲਈ ਅੱਜ ਇੱਥੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਕਿਰਤੀ ਕਿਸਾਨ ਯੂਨੀਅਨ ਆਗੂਆਂ ਦੀ ਅਗਵਾਈ ’ਚ ਗੜ੍ਹਸ਼ੰਕਰ ਚੰਡੀਗੜ੍ਹ ਮੁੱਖ ਮਾਰਗ ਤੇ ਰਿਲਾਇੰਸ ਪੈਟਰੋਲ ਪੰਪ ਪਨਾਮ ਅੱਗੇ ਧਰਨਾ ਜਾਰੀ ਰਿਹਾ। ਅੱਜ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਆਗੂ ਕੁਲਵਿੰਦਰ ਚਾਹਲ, ਸਰਪੰਚ ਬਘੇਲ ਸਿੰਘ ਲੱਲੀਆਂ, ਜਿੰਦਰ ਸਿੰਘ ਚੱਕ ਫੁੱਲੂ, ਨਰਿੰਦਰ ਚੱਕ ਸਿੰਘਾ, ਮਾਸਟਰ ਅਜੀਤ ਸਿੰਘ ਬੋੜਾ, ਰਣਜੀਤ ਸਿੰਬਲੀ, ਸਤਨਾਮ ਸਿੰਘ ਆਦਿ ਆਗੂਆਂ ਸੰਬੋਧਨ ਕੀਤਾ।

ਮੁਕੇਰੀਆਂ (ਜਗਜੀਤ ਸਿੰਘ): ਗੰਨਾ ਸੰਘਰਸ਼ ਕਮੇਟੀ ਸ਼ੂਗਰ ਮਿੱਲ ਰੰਧਾਵਾ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੌਲ ਪਲਾਜ਼ਾ ’ਤੇ ਦਿੱਤਾ ਜਾ ਰਿਹਾ 20ਵੇਂ ਦਿਨ ਵੀ ਜਾਰੀ ਰਿਹਾ ਅਤੇ ਇਸ ਦੌਰਾਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਚੋਹਕਾ, ਕੈਪਟਨ ਲਸ਼ਮਣ ਸਿੰਘ ਰੰਧਾਵਾ, ਡਾ ਮੋਹਨ ਸਿੰਘ ਮੱਲੀ, ਚਰਨਜੀਤ ਸਿੰਘ ਚਠਿਆਲ, ਹਰਬੰਸ ਸਿੰਘ ਧੂਤ,ਮਾਸਟਰ ਗੁਰਚਰਨ ਸਿੰਘ ਕਾਲਰਾ ਨੇ ਸੰਬੋਧਨ ਕੀਤਾ।

ਮਾਨਸਰ (ਮਨਪ੍ਰੀਤ ਸਿੰਘ): ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਪਠਾਨਕੋਟ ਕੌਮੀ ਮਾਰਗ ’ਤੇ ਸਥਿਤ ਮਾਨਸਰ ਟੌਲ ਪਲਾਜ਼ਾ ’ਤੇ 18ਵੇਂ ਦਿਨ ਵੀ ਧਰਨਾ ਨਿਰੰਤਰ ਜਾਰੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨ ਦੇਸ਼ ਨੂੰ ਬਰਬਾਦ ਕਰ ਦੇਣਗੇ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਜਿਥੇ ਭੁਖਮਰੀ, ਮਹਿੰਗਾਈ, ਬੇਰੁਜ਼ਗਾਰੀ ਤੇ ਗਰੀਬੀ ਵਧੇਗੀ ਉਥੇ ਹੀ ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਜਾਵੇਗਾ। ਧਰਨੇ ਵਿੱਚ ਹਾਜ਼ਰ ਨੌਜਵਾਨਾਂ ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸਮੇਂ ਵਿਜੇ ਸਿੰਘ ਬਹਿਬਲ ਮੰਜ, ਸੋਰਵ ਮਿਨਹਾਸ ਬਿੱਲਾ, ਮਾਸਟਰ ਯੋਧ ਸਿੰਘ, ਧਰਮਿੰਦਰ ਸਿੰਘ ਸਿੰਬਲੀ, ਅਵਤਾਰ ਸਿੰਘ ਬੋਬੀ, ਕਾਮਰੇਡ ਸ਼ੇਰ ਸਿੰਘ, ਕਾਮਰੇਡ ਧਿਆਨ ਸਿੰਘ, ਰਾਜੇਸ ਕੁਮਾਰ, ਹਰਦੀਪ ਸਿੰਘ ਮੰਝਪੁਰ ਸਮੇਂਤ ਹੋਰ ਕਿਸਾਨ ਹਾਜ਼ਰ ਸਨ।

ਗੜ੍ਹਸ਼ੰਕਰ (ਜੇਬੀ ਸੇਖੋਂ): ਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ’ਤੇ ਲਗਾਏ ਪੱਕੇ ਮੋਰਚੇ ਤੋਂ ਬਾਅਦ ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਦਰਸ਼ਨ ਸਿੰਘ ਮੱਟੂ, ਪੰਜਾਬ ਕਿਸਾਨ ਸਭਾ ਦੇ ਸਕੱਤਰ ਗੁਰਨੇਕ ਭੱਜਲ ਦੀ ਅਗਵਾਈ ਹੇਠ ਸ਼ਹਿਰ ਦੇ ਸ੍ਰੀ ਆਨੰਦਪੁਰ ਸਾਹਿਬ ਰੋਡ ’ਤੇ ਸਥਿਤ ਰਿਲਾਇੰਸ ਸਟੋਰ ਦੇ ਅੱਗੇ ਕਿਸਾਨਾਂ ਦੀ ਹਾਜ਼ਰੀ ਵਿੱਚ ਰੋਸ ਧਰਨੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਧਰਨੇ ਨੂੰ ਜਨਵਾਦੀ ਇਸਤਰੀ ਸਭਾ ਦੇ ਅਹੁਦੇਦਾਰਾਂ ਬੀਬੀ ਸੁਭਾਸ਼ ਮੱਟੂ, ਸੁਰਿੰਦਰ ਕੌਰ ਚੁੰਬਰ ਸਮੇਤ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸਮਰਥਨ ਦਿੱਤਾ ਅਤੇ ਸੰਬੋਧਨ ਕੀਤਾ। ਬੁਲਾਰਿਆਂ ਨੇ 5 ਨਵੰਬਰ ਨੂੰ ਬੰਗਾ ਚੌਂਕ ਵਿੱਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਵੱਧ ਚੜ੍ਹ ਕੇ ਪੁੱਜਣ ਦਾ ਸੱਦਾ ਦਿੱਤਾ। ਇਸ ਮੌਕੇ ਹਰਭਜਨ ਅਟਵਾਲ, ਮੱਖਣ ਸਿੰਘ, ਸ਼ਿੰਗਾਰਾ ਰਾਮ ਭੱਜਲ, ਬਲਵੰਤ ਰਾਮ, ਚਰਨਜੀਤ ਚੰਨੀ ਆਦਿ ਨੇ ਵੀ ਸੰਬੋਧਨ ਕੀਤਾ।

ਪੰਜਾਬ ਵਿਧਾਨ ਸਭਾ ’ਚ ਪਾਸ ਮਤੇ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ: ਵਿਧਾਇਕ ਜੋਗਿੰਦਰ ਪਾਲ

ਪਠਾਨਕੋਟ (ਪੱਤਰ ਪੇ੍ਰਕ): ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਨੇ ਦਾਨਾ ਮੰਡੀ ਤਾਰਾਗੜ੍ਹ, ਹੈਬਤ ਪਿੰਡੀ ਅਤੇ ਸਿਹੋੜਾ ਵਿਚ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਹੇਠ ਕੀਤੇ ਗਏ ਪ੍ਰੋਗਰਾਮਾਂ ਵਿੱਚ ਇਲਾਕੇ ਦੇ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਊਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਖੇਤੀ ਬਿੱਲਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਬਿੱਲਾਂ ਸਬੰਧੀ ਵਿਧਾਨ ਸਭਾ ’ਚ ਮਤਾ ਪਾਸ ਹੋਣ ਨਾਲ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਰਾਹਤ ਮਿਲੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All