ਪੱਤਰ ਪ੍ਰੇਰਕ
ਪਠਾਨਕੋਟ, 3 ਅਕਤੂਬਰ
ਪਿਛਲੇ ਸਾਲ 3 ਅਕਤੂਬਰ ਨੂੰ ਹੋਏ ਲਖੀਮਪੁਰ ਖੀਰੀ ਵਿੱਚ ਕਤਲ ਕਾਂਡ ਨੂੰ ਲੈ ਕੇ ਅੱਜ ਇੱਥੇ ਕਿਸਾਨਾਂ ਅਤੇ ਹੋਰ ਸਾਰੇ ਵਰਗਾਂ ਦੇ ਲੋਕਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਬਾਲ ਕਿਸ਼ਨ, ਸੰਦੀਪ ਸ਼ਰਮਾ, ਰਾਕੇਸ਼ ਕੁਮਾਰ, ਬਿੰਦੂ ਨੇ ਕਿਹਾ ਕਿ ਉਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਅਗਸਤ ਦੇ ਅੰਤ ਤੱਕ ਸੂਬਾ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਪਰ ਅੱਜ ਤੱਕ ਮੁੱਖ ਮੰਤਰੀ, ਉੱਤਰ ਪ੍ਰਦੇਸ਼ ਸਰਕਾਰ ਜਾਂ ਉਸ ਸਮਝੌਤੇ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਕਿਸਾਨ ਆਗੂਆਂ ਨਾਲ ਮੀਟਿੰਗਾਂ ਕਰਨ ਦਾ ਸਮਾਂ ਹੀ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਫਰਜ਼ੀ ਕੇਸ ਵਾਪਸ ਲਏ ਜਾਣ, ਸ਼ਹੀਦ ਕਿਸਾਨਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਆਰਥਿਕ ਮੱਦਦ ਅਤੇ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ 45-45 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ ਜ਼ਖਮੀਆਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ।
ਤਰਨ ਤਾਰਨ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਧਿਰਾਂ ਵੱਲੋਂ ਲਖੀਮਪੁਰ ਖੀਰੀ ਵਿੱਚ ਸ਼ਹੀਦ ਕੀਤੇ ਕਿਸਾਨਾਂ ਦੀ ਪਹਿਲੀ ਬਰਸੀ ਮੌਕੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਮੁੱਦਿਆਂ ਦਾ ਮੰਗ ਪੱਤਰ ਦਿੱਤਾ|
ਅਜਨਾਲਾ (ਪੱਤਰ ਪ੍ਰੇਰਕ): ਇਥੇ ਅੱਜ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਸਾਂਝੀ ਅਗਵਾਈ ਹੇਠ ਅਜਨਾਲਾ ਵਿੱਚ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕਰਦਿਆਂ ਪੁਤਲਾ ਫੂਕਿਆ ਗਿਆ।
ਫਗਵਾੜਾ (ਪੱਤਰ ਪ੍ਰੇਰਕ): ਲਖੀਮਪੁਰ ਖੀਰੀ ਵਿਖੇ ਪਿਛਲੇ ਸਾਲ ਸ਼ਹੀਦ ਹੋਏ ਕਿਸਾਨਾਂ ਦੀ ਬਰਸੀ ਅੱਜ ਦੇਸ਼ ਭਰ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਕਿਸਾਨ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰੇ ਤੇ ਪੁਤਲੇ ਸਾੜ ਕੇ ਮਨਾਈ ਗਈ। ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਕ੍ਰਿਪਾਲ ਸਿੰਘ ਮੁਸਾਪੂਰ ਦੀ ਅਗਵਾਈ ’ਚ ਕਿਸਾਨ ਸ਼ੂਗਰ ਮਿੱਲ ਚੌਕ ’ਚ ਇਕੱਤਰ ਹੋਏ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਜ਼ਿੰਮੇਵਾਰ ਮੰਤਰੀ ਤੇ ਉਸ ਦੇ ਪੁੱਤਰ ਦੇ ਪੁਤਲੇ ਸਾੜੇ।
ਮੁਕੇਰੀਆਂ (ਪੱਤਰ ਪ੍ਰੇਰਕ): ਕੁੱਲ ਹਿੰਦ ਕਿਸਾਨ ਸਭਾ ਵਲੋਂ ਸੰਯੁਕਤ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਮੁਕੇਰੀਆਂ ਦੇ ਮਾਤਾ ਰਾਣੀ ਚੌਕ ਵਿੱਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੁਰਜੀਤ ਸਿੰਘ ਬਾੜੀ, ਰਾਜਿੰਦਰ ਸਿੰਘ ਸਨਿਆਲ ਅਤੇ ਸੁਰਜੀਤ ਸਿੰਘ ਛੰਨੀ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਆਸ਼ਾ ਨੰਦ ਨੇ ਵੀ ਸ਼ਿਰਕਤ ਕੀਤੀ।
ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਦਾ ਪੰਜਾਬ ਸਰਕਾਰ ਤੋਂ ਮੁਆਵਜ਼ਾ ਮੰਗਿਆ
ਬਲਾਚੌਰ: (ਨਿੱਜੀ ਪੱਤਰ ਪ੍ਰੇਰਕ): ਇੱਥੇ ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੁੱਖ ਚੌਕ ਬਲਾਚੌਰ ’ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਮੰਗ ਕੀਤੀ ਕਿ ਲਖੀਮਪੁਰ ਕਤਲ ਕਾਂਡ ਨਾਲ ਸਬੰਧਿਤ ਕੇਂਦਰੀ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ ਤੇ ਬੇਗੁਨਾਹ ਕਿਸਾਨਾਂ ’ਤੇ ਪਾਏ ਝੂਠੇ ਕੇਸ ਵਾਪਸ ਲਏ ਜਾਣ। ਮੋਰਚੇ ਵੱਲੋਂ ਰੈਲੀ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੰਪੀ ਸਕਿਨ ਦੀ ਬਿਮਾਰੀ ਨਾਲ ਮਰੇ ਹਰ ਪਸ਼ੂ ਦਾ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਅਵਾਰਾ ਪਸ਼ੂਆਂ ਤੇ ਜੰਗਲੀ ਜਾਨਵਰਾਂ ਵੱਲੋਂ ਹੁੰਦਾ ਫਸਲਾਂ ਦਾ ਉਜਾੜਾ ਰੋਕਣ ਲਈ ਠੋਸ ਬੰਦੋਬਸਤ ਕੀਤੇ ਜਾਣ, ਮਾਈਨਿੰਗ ਪਾਲਿਸੀ ਕਿਸਾਨ ਤੇ ਲੋਕ ਹਿਤੂ ਬਣਾਈ ਜਾਵੇ ਤੇ ਚੋਣਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਜਲਦੀ ਪੂਰੀਆਂ ਕੀਤੀਆਂ ਜਾਣ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪੱਟੜੀਆਂ ’ਤੇ ਧਰਨਾ
ਟਾਂਡਾ (ਪੱਤਰ ਪ੍ਰੇਰਕ): ਇਥੋਂ ਦੇ ਰੇਲਵੇ ਸਟੇਸ਼ਨ ’ਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 3 ਘੰਟੇ ਲਈ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਜਥੇਬੰਦੀ ਨਾਲ ਸਬੰਧਤ ਨੌਜਵਾਨਾਂ ਅਤੇ ਬੀਬੀਆਂ ਨੇ ਕੇਂਦਰ ਸਰਕਾਰ ਤੋਂ ਲਖੀਮਪੁਰੀ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦੇਣ ਤੇ ਹੋਰ ਮੰਗਾਂ ਮੰਨਣ ਦੀ ਅਪੀਲ ਕੀਤੀ।